Añadir traducción en paralelo Imprimir Opciones de la página

ਤੁਸੀਂ ਯਹੂਦੀ ਵੀ ਪਾਪੀ ਹੋ

ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ। ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ। ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।

ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ। ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ। ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ। ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ। 10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ। 11 ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।

12 ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ। 13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।

14 ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ। 15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।

16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।

ਯਹੂਦੀ ਅਤੇ ਸ਼ਰ੍ਹਾ

17 ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ। 18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ। 19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ। 20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ। 21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ? 22 ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ। 23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ। 24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।” [a]

25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ। 26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ। 27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।

28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ। 29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।