Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 26

ਦਾਊਦ ਦਾ ਇੱਕ ਗੀਤ।

26 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ।
    ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
    ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ।
    ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ।
    ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।

ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ
    ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
    ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ।
    ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।

ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ।
    ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।
10 ਹੋ ਸੱਕਦਾ ਉਹ ਲੋਕ ਹੋਰਾਂ ਲੋਕਾਂ ਨੂੰ ਧੋਖਾ ਦਿੰਦੇ ਹੋਣ।
    ਹੋ ਸੱਕਦਾ ਉਹ ਮੰਦੇ ਕਾਰੇ ਕਰਨ ਦੇ ਪੈਸੇ ਲੈਂਦੇ ਹੋਣ।
11 ਪਰ ਮੈਂ ਬੇਕਸੂਰ ਹਾਂ।
    ਇਸ ਲਈ ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਹੋਵੇ ਤੇ ਮੈਨੂੰ ਬਚਾਵੋ।
12 ਮੈਂ ਸਾਰੇ ਖਤਰਿਆਂ ਤੋਂ ਸੁਰੱਖਿਅਤ ਹਾਂ।
    ਹੇ ਯਹੋਵਾਹ, ਮੈਂ ਉਨ੍ਹਾਂ ਲੋਕਾਂ ਦਰਮਿਆਨ ਖਲੋਕੇ ਤੁਹਾਡੀ ਉਸਤਤਿ ਕਰ ਰਿਹਾ ਹਾਂ, ਜਿਹੜੇ ਤੁਹਾਡੇ ਲੋਕਾਂ ਨੂੰ ਆਪਣੀ ਸਭਾ ਲਈ ਸੱਦਾ ਦੇ ਰਹੇ ਹਨ।

ਜ਼ਬੂਰ 28

ਦਾਊਦ ਦਾ ਇੱਕ ਗੀਤ।

28 ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ।
ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ।
    ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ
    ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ।
    ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ।
    ਮੇਰੇ ਉੱਤੇ ਮਿਹਰ ਕਰੋ।
ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ।
    ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ।
    ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ।
    ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।
    ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।
ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ
    ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ।
    ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।

ਯਹੋਵਾਹ ਦੀ ਉਸਤਤਿ ਕਰੋ।
    ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।
ਯਹੋਵਾਹ ਹੀ ਮੇਰੀ ਤਾਕਤ ਹੈ।
ਉਹੀ ਮੇਰੀ ਢਾਲ ਹੈ।
    ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
    ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।
ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ।
    ਯਹੋਵਾਹ ਉਸ ਨੂੰ ਬਚਾਉਂਦਾ ਹੈ।
    ਯਹੋਵਾਹ ਉਸਦੀ ਸ਼ਕਤੀ ਹੈ।

ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ।
    ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ।
    ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।

ਜ਼ਬੂਰ 36

ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ।

36 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ,
    ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ।
    ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ,
    ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
ਉਸ ਦੇ ਸ਼ਬਦ ਨਿਰਾਰਥਕ ਝੂਠ ਹਨ।
    ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ।
    ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ।
    ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।

ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ।
    ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ।
    ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ।
ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ।
    ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ।
    ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।
ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ।
    ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ।
    ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ।
    ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ।
    ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।

12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ:
    “ਬਦਕਾਰ ਲੋਕ ਇੱਥੇ ਡਿੱਗੇ ਸਨ।
    ਉਹ ਕੁਚਲੇ ਗਏ।
    ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”

ਜ਼ਬੂਰ 39

ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ।

39 ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ।
    ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ।
    ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
ਇਸ ਲਈ ਮੈਂ ਕੁਝ ਵੀ ਨਹੀਂ ਆਖਿਆ।
    ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ।
    ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ।
ਮੈਂ ਬਹੁਤ ਕ੍ਰੋਧ ਵਿੱਚ ਸਾਂ।
    ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ,
    ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।

ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ?
    ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ?
    ਮੈਨੂੰ ਜਾਣ ਲੈਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ।
ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ।
    ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ।
ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ।
    ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।

ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ।
    ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ
    ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।

ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ?
    ਤੁਸੀਂ ਹੀ ਮੇਰੀ ਆਸ ਹੋ।
ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ।
    ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।
ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ।
    ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ,
    ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।
10 ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ।
    ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।
11 ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ।
    ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ।
    ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।

12 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
    ਮੇਰੇ ਵਿਰਲਾਪ ਵੱਲ ਧਿਆਨ ਦਿਉ।
    ਮੇਰੇ ਹੰਝੂਆਂ ਵੱਲ ਵੇਖੋ।
ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ।
    ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
13 ਯਹੋਵਾਹ, ਮੈਨੂੰ ਇੱਕਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ,
    ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।

ਆਮੋਸ 7:10-17

ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼

10 ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ। 11 ਆਮੋਸ ਕਹਿੰਦਾ ਹੈ, ‘ਯਰਾਬੁਆਮ ਤਲਵਾਰ ਨਾਲ ਵੱਢਿਆ ਜਾਵੇਗਾ ਅਤੇ ਇਸਰਾਏਲ ਦੀ ਪਰਜਾ ਆਪਣੇ ਦੇਸ ਵਿੱਚੋਂ ਅਸੀਰ ਕਰਕੇ ਬਾਹਰ ਜਾਵੇਗੀ।’”

12 ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ। 13 ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।”

14 ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ। 15 ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’ 16 ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’ 17 ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”

ਪਰਕਾਸ਼ ਦੀ ਪੋਥੀ 1:9-16

ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ। 10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ। 11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”

12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ। 13 ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ। 14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ। 15 ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ। 16 ਉਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸ ਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।

ਮੱਤੀ 22:34-46

ਕਿਹੜਾ ਨੇਮ ਸਭ ਤੋਂ ਜ਼ਰੂਰੀ ਹੈ(A)

34 ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ। 35 ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ, 36 ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?”

37 ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। [a] 38 ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। 39 ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। [b] 40 ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”

ਯਿਸੂ ਦਾ ਫ਼ਰੀਸੀਆਂ ਨੂੰ ਇੱਕ ਸਵਾਲ(B)

41 ਜਦੋਂ ਫ਼ਰੀਸੀ ਇਕੱਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ। 42 “ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?”

ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”

43 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,

44 ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ,
ਤੂੰ ਮੇਰੇ ਸੱਜੇ ਪਾਸੇ ਬੈਠ ਜਦ
    ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ (C)

45 ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”

46 ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।

Punjabi Bible: Easy-to-Read Version (ERV-PA)

2010 by World Bible Translation Center