Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 103

ਦਾਊਦ ਦਾ ਇੱਕ ਗੀਤ।

103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
    ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
    ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
    ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
    ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
ਯਹੋਵਾਹ ਬੇਲਾਗ ਹੈ।
    ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
    ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
    ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
    ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
    ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
    ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
    ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ।
    ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ।
    ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ।
    ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ।
    ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ।
    ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ।
ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
18     ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ।
    ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ।
    ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ,
    ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ।
    ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ।
    ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ
    ਜੋ ਪਰਮੇਸ਼ੁਰ ਚਾਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
    ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।

ਜ਼ਬੂਰ 114-115

114 ਇਸਰਾਏਲ ਨੇ ਮਿਸਰ ਛੱਡ ਦਿੱਤਾ।
    ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।
ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ।
    ਇਸਰਾਏਲ ਉਸ ਦੀ ਸਲਤਨਤ ਬਣ ਗਈ।
ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ।
    ਯਰਦਨ ਨਦੀ ਮੁੜੀ ਅਤੇ ਨੱਸ ਪਈ।
ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ,
    ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।

ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ?
    ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?
ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ?
    ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?

ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।
ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ।
    ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।

115 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ।
    ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ
    ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।
ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿੱਥੇ ਹੈ।
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ।
    ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।
ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸੱਕਦੇ।
    ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸੱਕਦੀਆਂ।
ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸੱਕਦੇ।
    ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸੱਕਦੇ।
ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ।
    ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।
ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।

ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
10 ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ।
    ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।

12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ।
    ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ।
    ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ।
    ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।
13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।

14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵੱਧੇਰੇ ਦੇਵੇਗਾ।
15     ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ
    ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।
16 ਸਵਰਗ ਯਹੋਵਾਹ ਦਾ ਹੈ।
    ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।
17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ।
    ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।
18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ।
    ਅਤੇ ਅਸੀਂ ਉਸ ਨੂੰ ਸਦਾ ਹੋਰ ਵੱਧੇਰੇ ਅਸੀਸ ਦੇਵਾਂਗੇ।

ਯਹੋਵਾਹ ਦੀ ਉਸਤਤਿ ਕਰੋ!

ਬਿਵਸਥਾ ਸਾਰ 8:1-3

ਯਹੋਵਾਹ ਨੂੰ ਚੇਤੇ ਰੱਖੋ

“ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ। ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।

ਕੁਲੁੱਸੀਆਂ ਨੂੰ 1:1-14

ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਇਸ ਲਈ ਪਰਮੇਸ਼ੁਰ ਦਾ ਰਸੂਲ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਮਸੀਹ ਵਿੱਚ ਸਾਡੇ ਭਰਾ ਤਿਮੋਥਿਉਸ ਵੱਲੋਂ ਵੀ ਸ਼ੁਭਕਾਮਨਾਵਾਂ।

ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ।

ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।

ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ। ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ। ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ। ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ। ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ। ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।

ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:

ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ; 10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ; 11 ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ।

ਫ਼ੇਰ ਅਨੰਦ ਨਾਲ, 12 ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ। 13 ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ। 14 ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।

ਯੂਹੰਨਾ 6:30-33

30 ਭੀੜ ਨੇ ਪੁੱਛਿਆ, “ਤੂੰ ਕਿਹੜਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸੱਕੀਏ ਅਤੇ ਵਿਸ਼ਵਾਸ ਕਰ ਸੱਕੀਏ? ਤੂੰ ਕੀ ਕਰਨ ਵਾਲਾ ਹੈ? 31 ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’” [a]

32 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਮੂਸਾ ਨਹੀਂ ਸੀ ਜਿਸਨੇ ਤੁਹਾਨੂੰ ਸਵਰਗ ਵੱਲੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ। 33 ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

ਯੂਹੰਨਾ 6:48-51

48 ਮੈਂ ਹੀ ਜੀਵਨ ਦੀ ਰੋਟੀ ਹਾਂ। 49 ਤੁਹਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ। 50 ਮੈਂ ਉਹ ਰੋਟੀ ਹਾਂ ਜੋ ਸੁਰਗ ਤੋਂ ਹੇਠਾਂ ਆਉਂਦੀ ਹੈ। ਜੇਕਰ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51 ਮੈਂ ਜਿਉਂਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਹ ਰੋਟੀ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਦੁਨੀਆਂ ਦੇ ਲੋਕਾਂ ਨੂੰ ਜੀਵਨ ਮਿਲ ਸੱਕੇ।”

Punjabi Bible: Easy-to-Read Version (ERV-PA)

2010 by World Bible Translation Center