Book of Common Prayer
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
80 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ।
    ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ।
ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ।
    ਸਾਨੂੰ ਤੁਹਾਨੂੰ ਵੇਖਣ ਦਿਉ।
2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ,
    ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।
3 ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
4 ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ।
    ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।
5 ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ।
    ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।
6 ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ।
    ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
    ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
    ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
    ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
    ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
    ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11     ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
    ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
    ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
    ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
    ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
    ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ
    ਗੋਹੇ ਵਾਂਗ ਸਾੜ ਦਿੱਤੀ ਗਈ ਹੈ।
17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ।
    ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ।
    ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ
    ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ।
77 ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ।
    ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
2 ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ।
    ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ।
    ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।
3 ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ,
    ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ।
    ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।
4 ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ।
    ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।
5 ਮੈਂ ਅਤੀਤ ਬਾਰੇ ਸੋਚਦਾ ਰਿਹਾ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
6 ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ।
    ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।
7 ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ?
    ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?
8 ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ?
    ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?
9 ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ?
    ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”
10 ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ,
    ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”
11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ।
    ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ।
    ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ।
    ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ।
    ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ।
    ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।
16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ।
    ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ।
    ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ।
    ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।
18 ਬਹੁਤ ਉੱਚੀ ਗਰਜ ਹੋਈ।
    ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ।
    ਕੰਬੀ ਅਤੇ ਹਿੱਲੀ ਧਰਤੀ।
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ।
    ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ
    ਅਗਵਾਈ ਕਰਨ ਲਈ ਇਸਤੇਮਾਲ ਕੀਤਾ।
ਆਸਾਫ਼ ਦਾ ਇੱਕ ਉਸਤਤਿ ਗੀਤ।
79 ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ।
    ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ।
    ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।
2 ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ।
    ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ।
3 ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ।
    ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।
4 ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ।
    ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।
5 ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ?
    ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।
6 ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ।
    ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।
7 ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ।
    ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ।
8 ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ।
    ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ।
    ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।
9 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ।
    ਸਾਡੀ ਸਹਾਇਤਾ ਕਰ। ਸਾਨੂੰ ਬਚਾਉ।
ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ।
    ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
10 ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ?
    ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?”
ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ।
    ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।
11 ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ।
    ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।
12 ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ
    ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ।
    ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
13 ਅਸੀਂ ਤੁਹਾਡੇ ਬੰਦੇ ਹਾਂ।
    ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ।
ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
    ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।
ਨਅਮਾਨ ਦਾ ਕਸ਼ਟ
5 ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।
2 ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ। 3 ਇਸ ਕੁੜੀ ਨੇ ਨਅਮਾਨ ਦੀ ਪਤਨੀ ਨੂੰ ਆਕੇ ਕਿਹਾ, “ਕਾਸ਼ ਮੇਰਾ ਸੁਆਮੀ (ਨਅਮਾਨ) ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ (ਆਲੀਸ਼ਾ) ਹੈ। ਉਹ ਨਬੀ ਉਸ ਦੇ ਕੋੜ੍ਹ ਤੋਂ ਉਸ ਨੂੰ ਮੁਕਤ ਕਰ ਸੱਕਦਾ ਹੈ।”
4 ਨਅਮਾਨ ਆਪਣੇ ਮਾਲਕ (ਅਰਾਮ ਦੇ ਰਾਜੇ) ਕੋਲ ਗਿਆ ਅਤੇ ਉਸ ਨੂੰ ਉਹ ਦੱਸਿਆ ਜੋ ਉਸ ਇਸਰਾਏਲੀ ਕੁੜੀ ਨੇ ਆਖਿਆ ਸੀ।
5 ਤਦ ਅਰਾਮ ਦੇ ਰਾਜੇ ਨੇ ਆਖਿਆ, “ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।”
ਤਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸ ਨੇ 340 ਕਿੱਲੋ ਚਾਂਦੀ, 6,000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ। 6 ਉਹ ਇਸਰਾਏਲ ਦੇ ਪਾਤਸ਼ਾਹ ਕੋਲ ਉਹ ਚਿੱਠੀ ਲਿਆਇਆ ਜਿਸ ਵਿੱਚ ਇਹ ਲਿਖਿਆ ਸੀ ਕਿ ਹੁਣ ਜਦੋਂ ਇਹ ਚਿੱਠੀ ਤੇਰੇ ਤੀਕ ਪਹੁੰਚੇ ਤਾਂ ਵੇਖ ਮੈਂ ਆਪਣੇ ਬੰਦੇ ਨਅਮਾਨ ਨੂੰ ਤੇਰੇ ਕੋਲ ਭੇਜਿਆ ਹੈ ਤਾਂ ਜੋ ਤੂੰ ਉਸ ਦੇ ਕੋੜ੍ਹ ਨੂੰ ਚੰਗਿਆਂ ਕਰ ਦੇਵੇਂ।
7 ਜਦੋਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਫ਼ਾੜ ਕੇ ਇਹ ਦਰਸਾਇਆ ਕਿ ਉਹ ਉਦਾਸ ਹੈ ਅਤੇ ਪਰੇਸ਼ਾਨ ਹੈ। ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ? ਨਹੀਂ! ਮੇਰਾ ਜੀਵਨ ਅਤੇ ਮੌਤ ਉੱਪਰ ਕੋਈ ਅਧਿਕਾਰ ਨਹੀਂ ਤਾਂ ਫ਼ਿਰ ਭਲਾ ਮੈਂ ਇਸ ਕੋਹੜੀ ਮਨੁੱਖ ਨੂੰ ਇਸਦੇ ਕੋੜ੍ਹ ਤੋਂ ਕਿਵੇਂ ਮੁਕਤ ਕਰ ਸੱਕਦਾ ਹਾਂ। ਤਾਂ ਫ਼ਿਰ ਉਸ ਨੇ ਭਲਾ ਇਸ ਨੂੰ ਮੇਰੇ ਕੋਲ ਕਿਉਂ ਭੇਜਿਆ ਹੈ? ਜ਼ਰਾ ਧਿਆਨ ਨਾਲ ਸੋਚੋ ਤਾਂ ਪਤਾ ਚੱਲੇਗਾ ਕਿ ਇਹ ਉਸਦੀ ਚਾਲ ਹੈ। ਇਸਦਾ ਮਤਲਬ ਅਰਾਮ ਦਾ ਰਾਜਾ ਮੇਰੇ ਨਾਲ ਲੜਾਈ ਲੜਨ ਦੀ ਵਿਉਂਤ ਕਰ ਰਿਹਾ ਹੈ।”
8 ਜਦੋਂ ਅਲੀਸ਼ਾ ਨੂੰ ਇਹ ਖਬਰ ਮਿਲੀ ਕਿ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਕੱਪੜੇ ਫ਼ਾੜੇ ਹਨ ਅਤੇ ਉਹ ਉਦਾਸ ਅਤੇ ਪਰੇਸ਼ਾਨ ਹੈ ਤਾਂ ਅਲੀਸ਼ਾ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਤੂੰ ਆਪਣੇ ਵਸਤਰ ਕਿਉਂ ਫ਼ਾੜਦਾ ਹੈਂ? ਤੂੰ ਉਸ ਨਅਮਾਨ ਨੂੰ ਮੇਰੇ ਕੋਲ ਭੇਜਦੇ ਤਾਂ ਜੋ ਉਸ ਨੂੰ ਪਤਾ ਚੱਲੇ ਕਿ ਇਸਰਾਏਲ ਵਿੱਚ ਇੱਕ ਨਬੀ ਹੈ।”
9 ਤਾਂ ਨਅਮਾਨ ਆਪਣੇ ਘੋੜਿਆਂ ਅਤੇ ਰੱਥਾਂ ਸਮੇਤ ਆਇਆ ਅਤੇ ਅਲੀਸ਼ਾ ਦੇ ਘਰ ਦੇ ਦਰਵਾਜ਼ੇ ਕੋਲ ਖੜੋ ਗਿਆ। 10 ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਕਹਿ ਕੇ ਉਸ ਕੋਲ ਭੇਜਿਆ ਕਿ ਜਾਹ ਅਤੇ ਜਾਕੇ ਯਰਦਨ ਨਦੀ ਵਿੱਚ ਸੱਤ ਚੁੱਬੀਆਂ ਮਾਰ ਤਾਂ ਤੇਰਾ ਕੋੜ੍ਹ ਠੀਕ ਹੋ ਜਾਵੇਗਾ ਅਤੇ ਤੂੰ ਬਿਲਕੁਲ ਪਾਕ ਪਵਿੱਤਰ ਹੋ ਜਾਵੇਂਗਾ।
11 ਨਅਮਾਨ ਬੜੇ ਕਰੋਧ ਵਿੱਚ ਉੱਥੋਂ ਮੁੜ ਆਇਆ ਅਤੇ ਉਸ ਨੇ ਕਿਹਾ, “ਵੇਖੋ! ਮੈਂ ਤਾਂ ਸੋਚਦਾ ਸੀ ਕਿ ਉਹ ਬਾਹਰ ਆਕੇ ਖੜ੍ਹਾ ਹੋਵੇਗਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਉਂ ਲੈ ਕੇ ਮੇਰੇ ਕੋਹੜ ਵਾਲੀ ਥਾਂ ਤੇ ਆਪਣਾ ਹੱਥ ਫ਼ੇਰੇਗਾ ਤੇ ਮੈਨੂੰ ਕੋਹੜ ਤੋਂ ਮੁਕਤ ਕਰੇਗਾ। 12 ਅਬਨਾਹ ਅਤੇ ਫ਼ਰਪਰ ਜੋ ਕਿ ਦੰਮਿਸਕ ਦੀਆਂ ਨਦੀਆਂ ਹਨ ਇਸਰਾਏਲ ਦੇ ਸਾਰੇ ਪਾਣੀਆਂ ਨਾਲੋਂ ਚੰਗੀਆਂ ਹਨ। ਕੀ ਮੈਂ ਉਨ੍ਹਾਂ ਵਿੱਚ ਨਹਾਕੇ ਸਾਫ਼ ਨਹੀਂ ਹੋ ਸੱਕਦਾ?” ਅਤੇ ਉਹ ਜਾਣ ਲਈ ਮੁੜਿਆ।
13 ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।”
14 ਤਦ ਨਅਮਾਨ ਨੇ ਪਰਮੇਸ਼ੁਰ ਦੇ ਮਨੁੱਖ (ਅਲੀਸ਼ਾ) ਦੇ ਕਹੇ ਅਨੁਸਾਰ ਉਵੇਂ ਹੀ ਕੀਤਾ। ਉਸ ਨੇ ਯਰਦਨ ਨਦੀ ਵਿੱਚ ਸੱਤ ਵਾਰੀ ਚੁੱਬੀ ਮਾਰੀ ਤਾਂ ਉਸ ਦਾ ਕੋੜ੍ਹ ਠੀਕ ਹੋ ਗਿਆ ਤੇ ਉਹ ਸ਼ੁੱਧ ਹੋ ਗਿਆ। ਉਸਦੀ ਚਮੜੀ ਬੱਚਿਆਂ ਦੀ ਚਮੜੀ ਵਰਗੀ ਨਰਮ ਤੇ ਨਰੋਈ ਹੋ ਗਈ।
15 ਫ਼ਿਰ ਨਅਮਾਨ ਤੇ ਉਸਦੀ ਸਾਰੀ ਟੋਲੀ ਪਰਮੇਸ਼ੁਰ ਦੇ ਮਨੁੱਖ ਕੋਲ ਫ਼ਿਰ ਮੁੜ ਆਏ ਤੇ ਉਸ ਨੇ ਅਲੀਸ਼ਾ ਦੇ ਅੱਗੇ ਖਲੋ ਕੇ ਕਿਹਾ, “ਵੇਖ! ਮੈਂ ਜਾਣਦਾ ਹਾਂ ਕਿ ਇਸਰਾਏਲ ਦੀ ਧਰਤੀ ਤੋਂ ਸਿਵਾਏ ਹੋਰ ਸਾਰੀ ਧਰਤੀ ਤੇ ਕਿਤੇ ਵੀ ਪਰਮੇਸ਼ੁਰ ਨਹੀਂ ਹੈ। ਇਸ ਲਈ ਕਿਰਪਾ ਕਰਕੇ ਮੇਰੀ ਇਹ ਭੇਂਟ ਸਵੀਕਾਰ ਕਰ।”
16 ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।”
ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ। 17 ਤਦ ਨਅਮਾਨ ਨੇ ਆਖਿਆ, “ਜੇਕਰ ਤੂੰ। ਇਹ ਭੇਂਟ ਕਬੂਲ ਨਹੀਂ ਕਰਦਾ ਤਾਂ ਫ਼ਿਰ ਮੈਨੂੰ ਦੋ ਖੱਚਰਾਂ ਲੱਦ ਕੇ ਆਪਣੇ ਇਸਰਾਏਲ ਦੀ ਮਿੱਟੀ ਇੱਥੋਂ ਲੈ ਜਾਣ ਦੀ ਆਗਿਆ ਦੇਹ। ਉਹ ਇਸ ਲਈ ਕਿਉਂ ਕਿ ਅੱਜ ਤੋਂ ਬਾਅਦ ਮੈਂ ਹੁਣ ਕਦੇ ਵੀ ਯਹੋਵਾਹ ਤੋਂ ਬਿਨਾ ਹੋਰ ਕਿਸੇ ਦੇਵਤੇ ਦੇ ਅੱਗੇ ਜਾਂ ਹੋਮ ਦੀ ਭੇਟ ਨਹੀਂ ਚੜ੍ਹਾਵਾਂਗਾ। 18 ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਮੈਨੂੰ ਇਸ ਲਈ ਖਿਮਾ ਕਰੇ ਕਿ ਭਵਿੱਖ ਵਿੱਚ, ਮੇਰਾ ਮਾਲਕ ਅਰਾਮ ਦਾ ਰਾਜਾ ਜਦੋਂ ਉਪਾਸਨਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ, ਉਹ ਸਹਾਰੇ ਲਈ ਮੇਰੇ ਉੱਤੇ ਢਾਸਣਾ ਲਾਉਣਾ ਚਾਹਵੇਗਾ ਅਤੇ ਮੈਨੂੰ ਰਿੰਮੋਨ ਦੇ ਮੰਦਰ ਵਿੱਚ ਆਪਣਾ ਸਿਰ ਝੁਕਾਉਣਾ ਪਵੇਗਾ। ਤਾਂ ਜਦੋਂ ਇੰਝ ਵਾਪਰੇ ਤਾਂ ਇਸ ਗੱਲ ਲਈ ਯਹੋਵਾਹ ਮੈਨੂੰ ਖਿਮਾ ਕਰੇ।”
19 ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।”
ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ।
8 ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ। 9 ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ। 10 ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ। 11 ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ। 12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ। 13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।
14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ। 15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ। 16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ। 17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ। 19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ। 20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ। 21 ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?
ਯਿਸੂ ਦਾ ਕਰੋਧ ਬਾਰੇ ਉਪਦੇਸ਼
21 “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। [a] ਜਿਹੜਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਆਂ ਕੀਤਾ ਜਾਵੇਗਾ।’ 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
23 “ਸੋ ਜਦੋਂ ਤੂੰ ਪਰਮੇਸ਼ੁਰ ਲਈ ਜਗਵੇਦੀ ਤੇ ਆਪਣੀ ਭੇਂਟ ਚੜ੍ਹਾਉਣ ਲੱਗੇ, ਅਤੇ ਉੱਥੇ ਤੈਨੂੰ ਚੇਤੇ ਆਵੇ ਕਿ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਵਿਰੋਧ ਹੈ। 24 ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।
25 “ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ। 26 ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
2010 by World Bible Translation Center