Print Page Options
Previous Prev Day Next DayNext

Book of Common Prayer

Daily Old and New Testament readings based on the Book of Common Prayer.
Duration: 861 days
Punjabi Bible: Easy-to-Read Version (ERV-PA)
Version
ਜ਼ਬੂਰ 118

118 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਇਸਰਾਏਲ ਆਖ,
    “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
ਜਾਜਕੋ ਆਖੋ,
    “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ ਆਖੋ,
    “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”

ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ।
    ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।
ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ।
    ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।
ਯਹੋਵਾਹ ਮੇਰਾ ਮਦਦਗਾਰ ਹੈ।
    ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ।
ਲੋਕਾਂ ਵਿੱਚ ਯਕੀਨ ਰੱਖਣ ਨਾਲੋਂ
    ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
ਤੁਹਾਡੇ ਸਾਰੇ ਆਗੂਆਂ ਉੱਤੇ ਵਿਸ਼ਵਾਸ ਕਰਨ ਨਾਲੋਂ
    ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।

10 ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ।
    ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।
11 ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ,
    ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।
12 ਮੈਨੂੰ ਦੁਸ਼ਮਣਾਂ ਨੇ ਮਧੂ ਮੱਖੀਆਂ ਵਾਂਗ ਘੇਰਿਆ।
    ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ।
ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।

13 ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ।
    ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ।
    ਯਹੋਵਾਹ ਮੈਨੂੰ ਬਚਾਉਂਦਾ ਹੈ।
15 ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ।
    ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।
16 ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ,
    ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।

17 ਮੈਂ ਜੀਵਾਂਗਾ, ਮਰਾਂਗਾ ਨਹੀਂ
    ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।
18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ।
    ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।
19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ,
    ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।
20 ਉਹ ਦਰਵਾਜੇ ਯਹੋਵਾਹ ਦੇ ਹਨ।
    ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।
21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ।
    ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।

22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।
23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ
    ਕਿ ਇਹ ਗੱਲ ਵਿਸਮਾਦ ਭਰੀ ਹੈ।
24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ।
    ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!

25 ਲੋਕਾਂ ਆਖਿਆ, “ਯਹੋਵਾਹ ਦੀ ਉਸਤਤਿ ਕਰੋ!
    ਯਹੋਵਾਹ ਨੇ ਅਸਾਂ ਨੂੰ ਬਚਾਇਆ!
26     ਯਹੋਵਾਹ ਦਾ ਨਾਮ ਲੈ ਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ।”

ਜਾਜਕਾਂ ਨੇ ਜਵਾਬ ਦਿੱਤਾ, “ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।
27 ਯਹੋਵਾਹ ਹੀ ਪਰਮੇਸ਼ੁਰ ਹੈ।
ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ।
    ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”

28 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।
    ਮੈਂ ਤੁਹਾਡੀ ਉਸਤਤਿ ਕਰਦਾ ਹਾਂ।
29 ਯਹੋਵਾਹ ਦੀ ਉਸਤਤਿ ਕਰੋ ਕਿਉਂ ਕਿ ਉਹ ਭਲਾ ਹੈ।
    ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।

ਜ਼ਬੂਰ 145

ਦਾਊਦ ਦਾ ਇੱਕ ਗੀਤ।

145 ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ,
    ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ,
    ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
ਯਹੋਵਾਹ ਮਹਾਨ ਹੈ।
ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ।
    ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ।
    ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ।
    ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ।
    ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ।
    ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।

ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
    ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ।
    ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ।
    ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ।
    ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ।
    ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ।
    ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।

14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ।
    ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ।
    ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
    ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ।
    ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ।
    ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ।
    ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ।
    ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ।
    ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ!
    ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।

ਯਸਾਯਾਹ 19:19-25

19 ਉਸ ਸਮੇਂ, ਮਿਸਰ ਦੇ ਮੱਧ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ। ਮਿਸਰ ਦੀ ਸਰਹੱਦ ਉੱਤੇ ਯਹੋਵਾਹ ਲਈ ਆਦਰ ਦਰਸਾਉਣ ਵਾਲੀ ਇਮਾਰਤ ਹੋਵੇਗੀ। 20 ਇਹ ਇਸ ਗੱਲ ਨੂੰ ਦਰਸਾਉਣ ਦਾ ਸੰਕੇਤ ਹੋਵੇਗਾ ਕਿ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। ਕਿਸੇ ਵੀ ਸਮੇਂ ਜਦੋਂ ਲੋਕ ਯਹੋਵਾਹ ਅੱਗੇ ਸਹਾਇਤਾ ਦੀ ਪੁਕਾਰ ਕਰਨਗੇ, ਯਹੋਵਾਹ ਸਹਾਇਤਾ ਭੇਜੇਗਾ। ਯਹੋਵਾਹ ਲੋਕਾਂ ਨੂੰ ਬਚਾਉਣ ਲਈ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ, ਕਿਸੇ ਬੰਦੇ ਨੂੰ ਭੇਜੇਗਾ। ਉਹ ਬੰਦਾ ਲੋਕਾਂ ਨੂੰ ਉਨ੍ਹਾਂ ਹੋਰ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲ ਬੁਰਾ ਵਰਤਾਉ ਕਰਦੇ ਹਨ।

21 ਉਸ ਸਮੇਂ, ਮਿਸਰ ਦੇ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਮਿਸਰ ਦੇ ਲੋਕ ਪਰਮੇਸ਼ੁਰ ਨੂੰ ਪ੍ਰੇਮ ਕਰਨਗੇ। ਲੋਕ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਅਨੇਕਾਂ ਬਲੀਆਂ ਚੜ੍ਹਾਉਣਗੇ। ਉਹ ਯਹੋਵਾਹ ਨਾਲ ਇਕਰਾਰ ਕਰਨਗੇ ਅਤੇ ਉਨ੍ਹਾਂ ਇਕਰਾਰਾਂ ਨੂੰ ਪੂਰਾ ਕਰਨਗੇ। 22 ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।

23 ਉਸ ਸਮੇਂ, ਮਿਸਰ ਤੋਂ ਅੱਸ਼ੂਰ ਨੂੰ ਆਉਂਦੀ ਇੱਕ ਸ਼ਾਹਰਾਹ ਹੋਵੇਗੀ। ਫ਼ੇਰ ਅੱਸ਼ੂਰ ਦੇ ਲੋਕ ਮਿਸਰ ਜਾਣਗੇ ਅਤੇ ਮਿਸਰ ਦੇ ਲੋਕ ਅੱਸ਼ੂਰ ਜਾਣਗੇ। ਮਿਸਰ ਅੱਸ਼ੂਰ ਦੇ ਨਾਲ ਰਲਕੇ ਕੰਮ ਕਰੇਗਾ। 24 ਉਸ ਸਮੇਂ, ਇਸਰਾਏਲ, ਅੱਸ਼ੂਰ ਅਤੇ ਮਿਸਰ ਇਕੱਠੇ ਹੋ ਜਾਣਗੇ ਅਤੇ ਇਸ ਧਰਤੀ ਉੱਤੇ ਹਕੂਮਤ ਕਰਨਗੇ। ਇਹ ਇਸ ਧਰਤੀ ਲਈ ਸੁਭਾਗੀ ਗੱਲ ਹੋਵੇਗੀ। 25 ਸਰਬ ਸ਼ਕਤੀਮਾਨ ਯਹੋਵਾਹ ਇਨ੍ਹਾਂ ਦੇਸ਼ਾਂ ਨੂੰ ਅਸੀਸ ਦੇਵੇਗਾ। ਉਹ ਆਖੇਗਾ, “ਹੇ ਮਿਸਰ ਤੂੰ ਮੇਰਾ ਹੀ ਬੰਦਾ ਹੈਂ, ਹੇ ਅੱਸ਼ੂਰ, ਮੈਂ ਤੈਨੂੰ ਸਾਜਿਆ ਸੀ। ਹੇ ਇਸਰਾਏਲ ਮੈਂ ਤੈਨੂੰ ਅਪਣਾਉਂਦਾ ਹਾਂ। ਤੁਸੀਂ ਸਾਰੇ ਹੀ ਸੁਭਾਗੇ ਹੋ!”

ਰੋਮੀਆਂ ਨੂੰ 15:5-13

ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ। ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ। ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ। ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ। ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ,

“ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ
    ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।” (A)

10 ਪੋਥੀ ਇਹ ਵੀ ਆਖਦੀ ਹੈ,

“ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿੱਲਕੇ ਖੁਸ਼ ਹੋਣਾ ਚਾਹੀਦਾ ਹੈ।” (B)

11 ਪੋਥੀ ਇਹ ਵੀ ਆਖਦੀ ਹੈ,

“ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ;
    ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।” (C)

12 ਅਤੇ ਯਸਾਯਾਹ ਆਖਦਾ ਹੈ,

“ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ
    ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ।
    ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” (D)

13 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।

ਲੂਕਾ 19:11-27

ਪਰਮੇਸ਼ੁਰ ਤੁਹਾਨੂੰ ਜੋ ਦੇਵੇ ਸੋ ਵਰਤੋ(A)

11 ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇੜੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਦੀ ਆਵੇਗਾ। 12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ। 13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’ 14 ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’

15 “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’ 16 ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।’ 17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’

18 “ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।’ 19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’

20 “ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ। 21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’

22 “ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ। 23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।’ 24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’

25 “ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’

26 “ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ। 27 ਹੁਣ ਕਿੱਥੇ ਹਨ ਮੇਰੇ ਵੈਰੀ? ਕਿੱਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇੱਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।’”

Punjabi Bible: Easy-to-Read Version (ERV-PA)

2010 by World Bible Translation Center