Print Page Options
Previous Prev Day Next DayNext

Beginning

Read the Bible from start to finish, from Genesis to Revelation.
Duration: 365 days
Punjabi Bible: Easy-to-Read Version (ERV-PA)
Version
ਕੂਚ 7-9

ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ। ਹਾਰੂਨ ਨੂੰ ਹਰ ਉਹ ਗੱਲ ਦੱਸੀ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ। ਫ਼ੇਰ ਉਹ ਰਾਜੇ ਨੂੰ ਉਹ ਗੱਲਾਂ ਆਖੇਗਾ ਜੋ ਮੈਂ ਆਖਾਂਗਾ। ਅਤੇ ਫ਼ਿਰਊਨ ਇਸਰਾਏਲ ਦੇ ਲੋਕਾਂ ਨੂੰ ਇਹ ਦੇਸ਼ ਛੱਡ ਦੇਣ ਦੀ ਇਜਾਜ਼ਤ ਦੇ ਦੇਵੇਗਾ। ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ। ਇਸ ਲਈ ਫ਼ੇਰ ਮੈਂ ਮਿਸਰ ਨੂੰ ਬਹੁਤ ਸਜ਼ਾ ਦੇਵਾਂਗਾ ਅਤੇ ਮੈਂ ਲੋਕਾਂ ਨੂੰ ਉਸ ਧਰਤੀ ਤੋਂ ਬਾਹਰ ਲੈ ਜਾਵਾਂਗਾ। ਤਾਂ ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ। ਮੈਂ ਉਨ੍ਹਾਂ ਦੇ ਖਿਲਾਫ਼ ਹੋਵਾਂਗਾ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਫ਼ੇਰ ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਬਾਹਰ ਲੈ ਜਾਵਾਂਗਾ।”

ਮੂਸਾ ਅਤੇ ਹਾਰੂਨ ਨੇ ਇਹ ਗੱਲਾਂ ਮੰਨ ਲਈਆਂ, ਜੋ ਯਹੋਵਾਹ ਨੇ ਉਨ੍ਹਾਂ ਨੂੰ ਆਖੀਆਂ ਸਨ। ਮੂਸਾ ਉਸ ਵੇਲੇ 80 ਵਰ੍ਹਿਆਂ ਦਾ, ਅਤੇ ਹਾਰੂਨ 83 ਵਰ੍ਹਿਆਂ ਦਾ ਸੀ।

ਮੂਸਾ ਦੀ ਤੁਰਨ ਵਾਲੀ ਸੋਟੀ ਸੱਪ ਬਣ ਜਾਂਦੀ ਹੈ

ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”

10 ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਯਹੋਵਾਹ ਦਾ ਹੁਕਮ ਮੰਨਿਆ। ਹਾਰੂਨ ਨੇ ਆਪਣੀ ਸੋਟੀ ਧਰਤੀ ਤੇ ਸੁੱਟੀ। ਜਦੋਂ ਫ਼ਿਰਊਨ ਅਤੇ ਉਸ ਦੇ ਅਧਿਕਾਰੀ ਦੇਖ ਰਹੇ ਸਨ, ਸੋਟੀ ਸੱਪ ਬਣ ਗਈ।

11 ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ। 12 ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ। 13 ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।

ਪਾਣੀ ਖੂਨ ਬਣਿਆ

14 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਜ਼ਿੱਦੀ ਬਣ ਰਿਹਾ ਹੈ। ਫ਼ਿਰਊਨ ਲੋਕਾਂ ਨੂੰ ਜਾਣ ਨਹੀਂ ਦਿੰਦਾ। 15 ਸਵੇਰ ਵੇਲੇ, ਫ਼ਿਰਊਨ ਨਦੀ ਤੇ ਜਾਵੇਗਾ। ਉਸ ਦੇ ਕੋਲ ਨੀਲ ਨਦੀ ਦੇ ਕੰਢੇ ਜਾਵੀਂ। ਉਹ ਸੋਟੀ ਨਾਲ ਲਵੀਂ ਜਿਹੜੀ ਸੱਪ ਬਣ ਗਈ ਸੀ। 16 ਉਸ ਨੂੰ ਇਹ ਆਖੀਂ; ‘ਇਬਰਾਨੀ ਲੋਕਾਂ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ। ਯਹੋਵਾਹ ਨੇ ਮੈਨੂੰ ਆਖਿਆ ਸੀ ਕਿ ਤੈਨੂੰ ਆਖਾਂ ਕਿ ਉਸ ਦੇ ਲੋਕਾਂ ਨੂੰ ਮਾਰੂਥਲ ਵਿੱਚ ਜਾਕੇ ਉਸਦੀ ਉਪਾਸਨਾ ਕਰਨ ਦੇਵੇ। ਹੁਣ ਤੱਕ ਤੂੰ ਯਹੋਵਾਹ ਦੀ ਗੱਲ ਨਹੀਂ ਸੁਣੀਂ। 17 ਇਸ ਲਈ ਯਹੋਵਾਹ ਆਖਦਾ ਹੈ ਕਿ ਉਹ ਤੈਨੂੰ ਦਿਖਾਉਣ ਲਈ ਕੁਝ ਕਰੇਗਾ ਕਿ ਉਹ ਯਹੋਵਾਹ ਹੈ। ਮੈਂ ਨੀਲ ਨਦੀ ਉੱਤੇ ਆਪਣੇ ਹੱਥ ਵਾਲੀ ਇਹ ਸੋਟੀ ਮਾਰਾਂਗਾ, ਅਤੇ ਨਦੀ ਖੂਨ ਵਿੱਚ ਬਦਲ ਜਾਵੇਗੀ। 18 ਨਦੀ ਦੀਆਂ ਮਛੀਆਂ ਮਰ ਜਾਣਗੀਆਂ, ਅਤੇ ਨਦੀ ਸਢ਼ਾਂਦ ਮਾਰਨ ਲੱਗ ਪਵੇਗੀ। ਫ਼ੇਰ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਣਗੇ।’”

19 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਪਣੀ ਸੋਟੀ ਫ਼ੜਕੇ ਨਦੀਆਂ, ਨਹਿਰਾਂ, ਝੀਲਾਂ ਅਤੇ ਹਰ ਓਸ ਥਾਂ ਉੱਤੇ ਫ਼ੈਲਾਉਣ ਲਈ ਆਖ ਜਿੱਥੇ ਉਹ ਪਾਣੀ ਜਮ੍ਹਾਂ ਕਰਦੇ ਹਨ। ਜਦੋਂ ਉਹ ਅਜਿਹਾ ਕਰੇਗਾ, ਸਾਰਾ ਪਾਣੀ ਭਾਵੇਂ ਉਹ ਲੱਕੜ ਦੇ ਜਾਂ ਪੱਥਰ ਦੇ ਗਮਲਿਆਂ ਵਿੱਚ ਵੀ ਭਰਿਆ ਹੋਵੇ, ਖੂਨ ਵਿੱਚ ਬਦਲ ਜਾਵੇਗਾ।”

20 ਤਾਂ ਹਾਰੂਨ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। ਹਾਰੂਨ ਨੇ ਸੋਟੀ ਚੁੱਕੀ ਤੇ ਨੀਲ ਨਦੀ ਪਾਣੀ ਉੱਤੇ ਮਾਰੀ। ਉਸ ਨੇ ਅਜਿਹਾ ਫ਼ਿਰਊਨ ਅਤੇ ਉਸ ਦੇ ਅਧਿਕਾਰੀਆਂ ਦੇ ਸਾਹਮਣੇ ਕੀਤਾ। ਇਸ ਤਰ੍ਹਾਂ ਨਦੀ ਦਾ ਸਾਰਾ ਪਾਣੀ ਖੂਨ ਵਿੱਚ ਬਦਲ ਗਿਆ। 21 ਨਦੀ ਦੀਆਂ ਮੱਛੀਆਂ ਮਰ ਗਈਆਂ, ਅਤੇ ਨਦੀ ਚੋਂ ਸੜਿਆਂਦ ਮਾਰਨ ਲੱਗ ਪਈ। ਇਸ ਲਈ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਮਿਸਰ ਵਿੱਚ ਹਰ ਥਾਂ ਖੂਨ ਹੀ ਖੂਨ ਸੀ।

22 ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਓਹੀ ਗੱਲ ਕੀਤੀ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ, ਬਿਲਕੁਲ ਜਿਵੇਂ ਯਹੋਵਾਹ ਨੇ ਆਖਿਆ ਸੀ। 23 ਉਹ, ਜੋ ਮੂਸਾ ਤੇ ਹਾਰੂਨ ਨੇ ਕੀਤਾ ਸੀ ਤੋਂ ਪਰੇਸ਼ਾਨ ਨਾ ਹੋਇਆ ਅਤੇ ਆਪਣੀ ਪਿੱਠ ਮੋੜਕੇ ਆਪਣੇ ਘਰ ਅੰਦਰ ਚੱਲਾ ਗਿਆ।

24 ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਇਸ ਲਈ ਉਨ੍ਹਾਂ ਨੇ ਨਦੀ ਦੇ ਆਲੇ-ਦੁਆਲੇ ਪਾਣੀ ਪੀਣ ਲਈ ਖੂਹ ਪੁੱਟੇ।

ਡੱਡੂ

25 ਯਹੋਵਾਹ ਨੇ ਨੀਲ ਨਦੀ ਨੂੰ ਬਦਲਿਆਂ ਸੱਤ ਦਿਨ ਬੀਤ ਗਏ।

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸ ਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚੱਲੇ ਜਾਣ ਦੇ। ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਸਾਰੇ ਮਿਸਰ ਨੂੰ ਡੱਡੂਆਂ ਨਾਲ ਭਰ ਦਿਆਂਗਾ। ਉਹ ਨਦੀ ਵਿੱਚੋਂ ਆਉਣਗੇ ਅਤੇ ਤੁਹਾਡੇ ਘਰਾਂ ਵਿੱਚ ਦਾਖਲ ਹੋ ਜਾਣਗੇ। ਉਹ ਤੁਹਾਡੇ ਸੌਣ ਵਾਲੇ ਕਮਰਿਆਂ ਅਤੇ ਤੁਹਾਡੇ ਬਿਸਤਰਿਆਂ ਵਿੱਚ ਹੋਣਗੇ। ਡੱਡੂ ਤੇਰੇ ਅਧਿਕਾਰੀਆਂ ਦੇ ਘਰਾਂ ਵਿੱਚ, ਅਤੇ ਤੁਹਾਡੇ ਚੁਲ੍ਹਿਆਂ ਅਤੇ ਪਾਣੀ ਦੇ ਬਰਤਨਾਂ ਵਿੱਚ ਹੋਣਗੇ। ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।’”

ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਆਪਣੀ ਸੋਟੀ ਫ਼ੜੇ ਅਤੇ ਨਹਿਰਾਂ, ਨਦੀਆਂ ਅਤੇ ਝੀਲਾਂ ਦੇ ਉੱਤੇ ਰੱਖੇ। ਤਾਂ ਡੱਡੂ ਨਿਕਲ ਆਉਣਗੇ ਅਤੇ ਮਿਸਰ ਦੀ ਧਰਤੀ ਤੇ ਫ਼ੈਲ ਜਾਣਗੇ।”

ਇਸ ਤਰ੍ਹਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਪਰ ਉੱਠਾਇਆ, ਅਤੇ ਡੱਡੂ ਪਾਣੀ ਵਿੱਚੋਂ ਨਿਕਲਣ ਲੱਗੇ ਅਤੇ ਉਨ੍ਹਾਂ ਨੇ ਮਿਸਰ ਦੀ ਧਰਤੀ ਨੂੰ ਭਰ ਦਿੱਤਾ।

ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵੱਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।

ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”

ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇੱਥੋਂ ਚੱਲੇ ਜਾਣ?”

10 ਫ਼ਿਰਊਨ ਨੇ ਆਖਿਆ, “ਕੱਲ ਨੂੰ।”

ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ। 11 ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”

12 ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚੱਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸ ਨੇ ਫ਼ਿਰਊਨ ਖਿਲਾਫ਼ ਭੇਜੇ ਸਨ। 13 ਅਤੇ ਯਹੋਵਾਹ ਨੇ ਉਵੇਂ ਹੀ ਕੀਤਾ ਜਿਵੇਂ ਮੂਸਾ ਨੇ ਮੰਗ ਕੀਤੀ ਸੀ। ਘਰਾਂ ਵਿੱਚਲੇ, ਵਿਹੜਿਆਂ ਵਿੱਚਲੇ ਅਤੇ ਖੇਤਾਂ ਵਿੱਚਲੇ ਡੱਡੂ ਮਰ ਗਏ। 14 ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ। 15 ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

ਜੂਆਂ

16 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।”

17 ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।

18 ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ। 19 ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

ਮੱਖੀਆਂ

20 ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠ ਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸ ਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। 21 ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੱਖੀਆਂ ਤੁਹਾਡੇ ਘਰਾਂ ਅੰਦਰ ਆ ਜਾਣਗੀਆਂ। ਮੱਖੀਆਂ ਤੁਹਾਡੇ ਅਤੇ ਤੁਹਾਡੇ ਅਧਿਕਾਰੀਆਂ ਉੱਪਰ ਹੋਣਗੀਆਂ। ਮਿਸਰ ਦੇ ਘਰ ਮੱਖੀਆਂ ਨਾਲ ਭਰ ਜਾਣਗੇ। ਮੱਖੀਆਂ ਸਾਰੇ ਪਾਸੇ ਹੋਣਗੀਆਂ, ਧਰਤੀ ਉੱਤੇ ਵੀ। 22 ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮੱਖੀਆਂ ਨਹੀਂ ਹੋਣਗੀਆਂ, ਜਿੱਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ। 23 ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵੱਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।’”

24 ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸ ਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ। 25 ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵੋ।”

26 ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜ੍ਹਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ। 27 ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”

28 ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”

29 ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮੱਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜ੍ਹਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”

30 ਇਸ ਤਰ੍ਹਾਂ ਮੂਸਾ ਫ਼ਿਰਊਨ ਕੋਲੋਂ ਚੱਲਿਆ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। 31 ਅਤੇ ਯਹੋਵਾਹ ਨੇ ਓਹੀ ਕੀਤਾ ਜੋ ਮੂਸਾ ਨੇ ਮੰਗਿਆ ਸੀ। ਯਹੋਵਾਹ ਨੇ ਫ਼ਿਰਊਨ, ਉਸ ਦੇ ਅਧਿਕਾਰੀਆਂ ਅਤੇ ਉਸਦੀ ਪਰਜਾ ਤੋਂ ਮੱਖੀਆਂ ਨੂੰ ਦੂਰ ਕਰ ਦਿੱਤਾ। ਕੋਈ ਮੱਖੀ ਨਹੀਂ ਬਚੀ। 32 ਪਰ ਉਸ ਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।

ਪਸ਼ੂਆਂ ਦੀਆਂ ਬਿਮਾਰੀਆਂ

ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’ ਜੇ ਤੂੰ ਉਨ੍ਹਾਂ ਨੂੰ ਰੋਕੀ ਰੱਖੇਂਗਾ ਅਤੇ ਜਾਣ ਨਹੀਂ ਦੇਵੇਂਗਾ, ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ। ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ। ਯਹੋਵਾਹ ਨੇ ਅਜਿਹਾ ਵਾਪਰਨ ਲਈ ਸਮਾਂ ਨਿਸ਼ਚਿੰਤ ਕਰ ਦਿੱਤਾ ਹੈ। ਕਲ ਨੂੰ ਇਸ ਦੇਸ਼ ਵਿੱਚ ਯਹੋਵਾਹ ਦੀ ਰਜ਼ਾ ਕਾਰਣ ਅਜਿਹਾ ਹੀ ਵਾਪਰੇਗਾ।”

ਅਗਲੀ ਸਵੇਰ, ਮਿਸਰ ਦੇ ਸਾਰੇ ਪਾਲਤੂ ਪਸ਼ੂ ਮਰ ਗਏ। ਪਰ ਇਸਰਾਏਲ ਦੇ ਲੋਕਾਂ ਦਾ ਕੋਈ ਵੀ ਪਸ਼ੂ ਨਹੀਂ ਮਰਿਆ। ਫ਼ਿਰਊਨ ਨੇ ਲੋਕਾਂ ਨੂੰ ਦੇਖਣ ਲਈ ਭੇਜਿਆ ਕਿ ਕੀ ਇਸਰਾਏਲੀਆਂ ਦਾ ਕੋਈ ਪਸ਼ੂ ਮਰਿਆ ਅਤੇ ਉਸ ਨੇ ਸੁਣਿਆ ਕਿ ਇਸਰਾਏਲੀਆਂ ਦਾ ਇੱਕ ਵੀ ਪਸ਼ੂ ਨਹੀਂ ਮਰਿਆ ਸੀ। ਪਰ ਫ਼ਿਰਊਨ ਜ਼ਿੱਦੀ ਹੀ ਰਿਹਾ। ਅਤੇ ਉਸ ਨੇ ਲੋਕਾਂ ਨੂੰ ਜਾਣ ਨਹੀਂ ਦਿੱਤਾ।

ਫ਼ੋੜੇ

ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਕਿਸੇ ਚੁਲ੍ਹੇ ਵਿੱਚੋਂ ਰਾਖ ਲੈ ਕੇ ਆਪਣੇ ਹੱਥਾਂ ਵਿੱਚ ਭਰੋ। ਮੂਸਾ ਨੇ, ਫ਼ਿਰਊਨ ਦੇ ਸਾਹਮਣੇ ਉਹ ਰਾਖ ਹਵਾ ਵਿੱਚ ਸੁੱਟੀ। ਇਹ ਅਜਿਹੀ ਰਾਖ ਬਣ ਜਾਵੇਗੀ ਜਿਹੜੀ ਮਿਸਰ ਦੀ ਸਾਰੀ ਧਰਤੀ ਤੇ ਫ਼ੈਲ ਜਾਵੇਗੀ। ਜਦੋਂ ਵੀ ਰਾਖ ਮਿਸਰ ਦੇ ਕਿਸੇ ਬੰਦੇ ਜਾਂ ਜਾਨਵਰ ਨੂੰ ਛੂਹੇਗੀ, ਚਮੜੀ ਉੱਤੇ ਫ਼ੋੜੇ ਨਿਕਲ ਆਉਣਗੇ।”

10 ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ। 11 ਜਾਦੂਗਰ ਮੂਸਾ ਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸੱਕੇ, ਜਾਦੂਗਰਾਂ ਦੇ ਵੀ ਫ਼ੋੜੇ ਨਿਕਲ ਆਏ। ਇਹ ਮਿਸਰ ਵਿੱਚ ਹਰ ਥਾਂ ਵਾਪਰਿਆ। 12 ਪਰ ਯਹੋਵਾਹ ਨੇ ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ। ਅਜਿਹਾ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

ਗੜ੍ਹੇ

13 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ। 14 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ। 15 ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ। 16 ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ। 17 ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ। 18 ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ। 19 ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”

20 ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ। 21 ਪਰ ਬਾਕੀ ਲੋਕ ਜਿਨ੍ਹਾਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਾ ਦਿੱਤਾ ਆਪਣੇ ਸਾਰੇ ਜਾਨਵਰ ਅਤੇ ਗੁਲਾਮਾਂ ਨੂੰ, ਖੇਤਾਂ ਵਿੱਚ ਛੱਡ ਗਏ।

22 ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੀਆਂ ਬਾਹਾਂ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਰ ਥਾਂ ਗੜ੍ਹੇਮਾਰ ਹੋਣੀ ਸ਼ੁਰੂ ਹੋ ਜਾਵੇਗੀ। ਗੜ੍ਹੇ ਮਿਸਰ ਦੇ ਖੇਤਾਂ ਵਿੱਚ ਸਾਰੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਉੱਤੇ ਵਰ੍ਹਣਗੇ।”

23 ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ। 24 ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ। 25 ਤੂਫ਼ਾਨ ਨੇ ਮਿਸਰ ਦੇ ਖੇਤਾਂ ਦੀ ਹਰ ਸ਼ੈਅ ਤਬਾਹ ਕਰ ਦਿੱਤੀ। ਗੜਿਆਂ ਨੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਨੂੰ ਤਬਾਹ ਕਰ ਦਿੱਤਾ। ਗੜਿਆਂ ਨੇ ਖੇਤਾਂ ਦੇ ਸਾਰੇ ਰੁੱਖ ਵੀ ਝੰਬ ਦਿੱਤੇ। 26 ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।

27 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ। 28 ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”

29 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ। 30 ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”

31 ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ। 32 ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।

33 ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।

34 ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ। 35 ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।

Punjabi Bible: Easy-to-Read Version (ERV-PA)

2010 by World Bible Translation Center