Beginning
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ।
ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ।
ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ।
ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ।
ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ।
ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ।
ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
18 ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ।
ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ।
ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ,
ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ।
ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ।
ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ
ਜੋ ਪਰਮੇਸ਼ੁਰ ਚਾਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
104 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ।
ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।
2 ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ।
ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।
3 ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ।
ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ
ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।
4 ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ
ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।
5 ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ।
ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।
6 ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ।
ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।
7 ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ।
ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।
8 ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ
ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।
9 ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ,
ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।
10 ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ।
ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।
11 ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ।
ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।
12 ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ।
ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।
13 ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ।
ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।
14 ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ।
ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ।
ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
15 ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ।
ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ
ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।
16 ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ।
ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।
17 ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ,
ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।
18 ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ।
ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।
19 ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ।
ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।
20 ਤੁਸੀਂ ਹਨੇਰੇ ਨੂੰ ਰਾਤ ਬਣਾਇਆ
ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।
21 ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ
ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।
22 ਫ਼ੇਰ ਸੂਰਜ ਚੜ੍ਹਦਾ ਹੈ,
ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।
23 ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ
ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।
24 ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ।
ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ।
ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
25 ਸਮੁੰਦਰ ਵੱਲ ਵੇਖੋ।
ਇਹ ਕਿੰਨਾ ਵੱਡਾ ਹੈ।
ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ
ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।
26 ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ।
ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ,
ਸਮੁੰਦਰ ਵਿੱਚ ਖੇਡਦਾ ਹੈ।
27 ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ।
ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
28 ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ।
ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।
29 ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ,
ਉਹ ਭੈਭੀਤ ਹੋ ਜਾਂਦੇ ਹਨ।
ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ।
ਉਹ ਕਮਜ਼ੋਰ ਬਣ ਜਾਂਦੇ ਹਨ।
ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।
30 ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ।
ਉਹ ਸਿਹਤਮੰਦ ਬਣ ਜਾਂਦੇ ਹਨ।
ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।
31 ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ
ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।
32 ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ
ਅਤੇ ਇਹ ਕੰਬਣ ਲੱਗ ਜਾਂਦੀ ਹੈ।
ਉਹ ਪਹਾੜਾਂ ਨੂੰ ਛੂੰਹਦਾ ਹੈ
ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।
33 ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ।
ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।
34 ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ।
ਮੈਂ ਯਹੋਵਾਹ ਨਾਲ ਖੁਸ਼ ਹਾਂ।
35 ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ।
ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ।
ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਯਹੋਵਾਹ ਦੀ ਉਸਤਤਿ ਕਰ।
105 ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ।
ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
2 ਯਹੋਵਾਹ ਲਈ ਗੀਤ ਗਾਵੋ।
ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।
3 ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ।
ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।
4 ਯਹੋਵਾਹ ਪਾਸੋਂ ਸ਼ਕਤੀ ਮੰਗੋ,
ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।
5 ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
6 ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ।
ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।
7 ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ।
ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।
8 ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ।
ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।
9 ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ।
ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।
10 ਫ਼ੇਰ ਉਸ ਨੇ ਇਸ ਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ।
ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ।
11 ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ।
ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”
12 ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ।
ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।
13 ਉਨ੍ਹਾਂ ਨੇ ਕੌਮਾਂ ਤੋਂ ਕੌਮਾਂ,
ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
14 ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ।
ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ।
15 ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ।
ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”
16 ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ।
ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।
17 ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ।
ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ।
18 ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ।
ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।
19 ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ।
ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।
20 ਇਸ ਲਈ ਮਿਸਰ ਦੇ ਰਾਜੇ ਨੇ ਉਸ ਨੂੰ ਮੁਕਤ ਕਰ ਦਿੱਤਾ ਸੀ।
ਉਸ ਕੌਮ ਦਾ ਆਗੂ ਉਸ ਨੂੰ ਕੈਦ ਵਿੱਚੋਂ ਬਾਹਰ ਲੈ ਗਿਆ।
21 ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ।
ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ
22 ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ
ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।
23 ਫ਼ੇਰ ਇਸਰਾਏਲ ਮਿਸਰ ਵਿੱਚ ਆਇਆ,
ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।
24 ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ।
ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।
25 ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
26 ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ
ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।
27 ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ
ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।
28 ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ
ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।
29 ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ,
ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।
30 ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ।
ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।
31 ਪਰਮੇਸ਼ੁਰ ਨੇ ਆਦੇਸ਼ ਕੀਤਾ,
ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ।
ਉਹ ਹਰ ਥਾਂ ਫ਼ੈਲ ਗਏ।
32 ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ
ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।
33 ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ।
ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ।
34 ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ।
35 ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ।
ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।
36 ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ।
ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।
37 ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ।
ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ।
ਉਹ ਸਾਰੇ ਹੀ ਤਕੜੇ ਆਦਮੀ ਸਨ।
38 ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ,
ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।
39 ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ।
ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।
40 ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।
41 ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ।
ਮਾਰੂਥਲ ਵਿੱਚ ਇੱਕ ਨਦੀ ਵਗਣ ਲੱਗੀ।
42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ।
ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।
43 ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ।
ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।
44 ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ।
ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।
45 ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ?
ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ।
ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ।
ਯਹੋਵਾਹ ਦੀ ਉਸਤਿਤ ਕਰੋ!
2010 by World Bible Translation Center