New Testament in a Year
16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ। 17 ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।” [a] 18 ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।
19 ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?” 20 ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?” 21 ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।
22 ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ। 23 ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ। 24 ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ। 25 ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ:
“ਜਿਹੜੇ ਲੋਕ ਮੇਰੇ ਨਹੀਂ ਹਨ,
ਮੈਂ ਆਖਾਂਗਾ ਉਹ ਮੇਰੇ ਲੋਕ ਹਨ।
ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ
ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।” (A)
26 “ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ
‘ਤੁਸੀਂ ਮੇਰੇ ਲੋਕ ਨਹੀਂ ਹੋ’
ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।” (B)
27 ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ:
“ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ,
ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।
28 ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।” (C)
29 ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ:
“ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ।
ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ,
ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ
ਅਤੇ ਅਮੂਰਾਹ ਜਿਹੇ ਬਣ ਜਾਂਦੇ।” (D)
30 ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ। 31 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ। 32 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ। 33 ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ;
“ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ।
ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ
ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।” (E)
2010 by World Bible Translation Center