New Testament in a Year
8 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ। 2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ। 4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ? 5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। 7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।” 8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ। 10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”
ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।” [a]
ਯਿਸੂ ਦੁਨੀਆਂ ਦਾ ਚਾਨਣ ਹੈ
12 ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
13 ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”
14 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ। 15 ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ। 16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। 17 ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ। 18 ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”
19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?”
ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।” 20 ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
ਯਹੂਦੀ ਯਿਸੂ ਨੂੰ ਨਹੀਂ ਸਮਝੇ
21 ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
22 ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”
23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ। 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25 ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?”
ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ। 26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”
27 ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।
2010 by World Bible Translation Center