New Testament in a Year
ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ
13 ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ। 3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ। 4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। 5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।
6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।”
ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।” 11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ? 13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ। 14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ। 15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ। 16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ। 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’ 19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ। 20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
2010 by World Bible Translation Center