Read the New Testament in 24 Weeks
ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ
6 ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ। 2 ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ? 3 ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ। 4 ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।
5 ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ। 6 ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ। 7 ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।
8 ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ। 9 ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ। 10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ। 11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।
12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ। 13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ। 14 ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।
ਨਿਆਂ ਦੇ ਸੇਵਕ
15 ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ। 16 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸ ਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸੱਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ। 17 ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ। 18 ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ। 19 ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
20 ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ। 21 ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ। 22 ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। 23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।
ਵਿਆਹ ਦੀ ਇੱਕ ਮਿਸਾਲ
7 ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ। 2 ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ। 3 ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
4 ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ। 5 ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ। 6 ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
ਪਾਪ ਦੇ ਵਿਰੁੱਧ ਸਾਡੀ ਜੰਗ
7 ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” [a] ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ। 8 ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ। 9 ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ। 10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ। 11 ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲੱਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
12 ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ। 13 ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।
ਮਨੁੱਖ ਦਾ ਦਵੰਦ
14 ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ। 15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ। 16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ। 17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ। 18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ। 19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ। 20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ। 22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ। 23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ। 24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ। 25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ।
ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
2010 by World Bible Translation Center