Revised Common Lectionary (Complementary)
ਦਾਊਦ ਦਾ ਇੱਕ ਉਸਤਤਿ ਗੀਤ।
110 ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ,
“ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”
2 ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ।
ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।
3 ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ
ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ।
ਉਹ ਖਾਸ ਵਸਤਰ ਪਾਉਣਗੇ
ਅਤੇ ਅਮ੍ਰਿਤ ਵੇਲੇ ਆ ਮਿਲਣਗੇ
ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ।
ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।
4 ਯਹੋਵਾਹ ਨੇ ਇਕਰਾਰ ਕੀਤਾ ਸੀ
ਅਤੇ ਉਹ ਆਪਣਾ ਮਨ ਨਹੀਂ ਬਦਲੇਗਾ,
“ਤੁਸੀਂ ਸਦਾ ਲਈ ਜਾਜਕ ਹੋ –
ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ।
ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
6 ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ।
ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ।
ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ।
ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।
7 ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ। 8 ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ। 9 ਮੈਂ ਇਸਰਾਏਲ ਦੇ ਲੋਕਾਂ ਦੀ ਪੁਕਾਰ ਸੁਣ ਲਈ ਹੈ। ਮੈਂ ਦੇਖ ਲਿਆ ਹੈ ਕਿ ਮਿਸਰੀਆਂ ਨੇ ਕਿਵੇਂ ਉਨ੍ਹਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ। 10 ਇਸ ਲਈ ਹੁਣ ਮੈਂ ਤੈਨੂੰ ਫ਼ਿਰਊਨ ਵੱਲ ਭੇਜ ਰਿਹਾ ਹਾਂ। ਜਾਹ, ਮੇਰੇ ਬੰਦਿਆਂ, ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਜਾਣ ਵਿੱਚ ਅਗਵਾਈ ਕਰ।”
11 ਪਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੋਈ ਵੱਡਾ ਆਦਮੀ ਨਹੀਂ ਹਾਂ। ਫ਼ਿਰਊਨ ਕੋਲ ਜਾਣ ਵਾਲਾ ਅਤੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਅਗਵਾਈ ਕਰਨ ਵਾਲਾ ਬੰਦਾ ਮੈਂ ਕਿਵੇਂ ਹੋ ਸੱਕਦਾ ਹਾਂ?”
12 ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”
13 ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜੇ ਮੈਂ ਇਸਰਾਏਲ ਦੇ ਲੋਕਾਂ ਕੋਲ ਜਾਵਾਂ ਤੇ ਉਨ੍ਹਾਂ ਨੂੰ ਆਖਾਂ, ‘ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਭੇਜਿਆ ਹੈ।’ ਤਾਂ ਲੋਕ ਪੁੱਛਣਗੇ, ‘ਉਸਦਾ ਕੀ ਨਾਮ ਹੈ?’ ਮੈਂ ਉਨ੍ਹਾਂ ਨੂੰ ਕੀ ਦੱਸਾਂ?”
14 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।” 15 ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੈਨੂੰ ਲੋਕਾਂ ਨੂੰ ਇਹ ਆਖਣਾ ਚਾਹੀਦਾ ਹੈ; ‘ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਮੇਰਾ ਨਾਮ ਹਮੇਸ਼ਾ ਯਾਹਵੇਹ ਹੋਵੇਗਾ। ਇਸੇ ਤਰ੍ਹਾਂ ਲੋਕ ਪੀੜੀਆਂ ਦਰ ਪੀੜੀਆਂ ਤੱਕ ਮੈਨੂੰ ਜਾਨਣਗੇ।’ ਲੋਕਾਂ ਨੂੰ ਦੱਸ, ‘ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’”
39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।”
ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ। 40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ 41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।”
ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ। 43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ। 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 “ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ। 46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ? 47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ
48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ। 50 ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ। 51 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’ 53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”
54 ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ। 55 ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ। 56 ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”
58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।” 59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
2010 by World Bible Translation Center