Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
41 ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ।
ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ।
ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ।
ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।
3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ।
ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।
4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”
5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”
6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ।
ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ।
ਫ਼ੇਰ ਉਹ ਚੱਲੇ ਜਾਂਦੇ ਹਨ
ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ।
ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
8 ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ।
ਇਸੇ ਕਾਰਣ ਉਹ ਬਿਮਾਰ ਹੈ।
ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”
9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ।
ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।
10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਨੂੰ ਉੱਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ।
11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸੱਕਣ।
ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ।
12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ।
ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।
13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ।
ਆਮੀਨ ਫੇਰ ਆਮੀਨ।।
12 ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ,
“ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ। 13 ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ। 14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ। 15 ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ। 16 ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ। 17 ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ 18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’
19 “ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਂਗਾ, 20 ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ। 21 ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ‘ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?’ 22 ਤਦ ਲੋਕ ਉਨ੍ਹਾਂ ਨੂੰ ਆਖਣਗੇ, ‘ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸ ਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।’”
2 ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ। 3 ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ। 4 ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।
5 ਮੇਰੇ ਪਿਆਰੇ ਮਿੱਤਰੋ ਇਹ ਚੰਗੀ ਗੱਲ ਹੈ ਕਿ ਤੁਸੀਂ ਆਪਣੇ ਭਰਾਵਾਂ ਦੀ ਸਹਾਇਤਾ ਵੀ ਕਰ ਰਹੇ ਹੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। 6 ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ। 7 ਇਹ ਭਰਾ ਮਸੀਹ ਦੀ ਸੇਵਾ ਕਰਨ ਲਈ ਆਪਣੀ ਯਾਤਰਾ ਤੇ ਗਏ। ਉਨ੍ਹਾਂ ਨੇ ਅਵਿਸ਼ਵਾਸੀਆਂ ਪਾਸੋਂ ਕੋਈ ਸਹਾਇਤਾ ਪ੍ਰਵਾਨ ਨਾ ਕੀਤੀ। 8 ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।
2010 by World Bible Translation Center