Revised Common Lectionary (Complementary)
5 ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”
6 ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ। 7 ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਮੈਨੂੰ ਮੇਰੇ ਪਿਤਾ ਦੀ ਥਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕੱਚਾ ਹਾਂ। 8 ਇੱਥੇ ਮੈਂ ਤੇਰਾ ਸੇਵਕ, ਤੇਰੇ ਚੁਣੇ ਹੋਏ ਲੋਕਾਂ ਦਰਮਿਆਨ ਖੜ੍ਹਾ ਹਾਂ। ਉਹ ਇੰਨੇ ਹਨ ਕਿ ਗਿਣੇ ਨਹੀਂ ਜਾ ਸੱਕਦੇ ਇਸ ਲਈ ਸ਼ਾਸਕ ਨੂੰ ਉਨ੍ਹਾਂ ਵਿੱਚਕਾਰ ਅਨੇਕਾਂ ਫੈਸਲੇ ਕਰਨੇ ਹੁੰਦੇ ਹਨ। 9 ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।”
10 ਯਹੋਵਾਹ ਬਹੁਤ ਪ੍ਰਸੰਨ ਹੋਇਆ ਕਿ ਸੁਲੇਮਾਨ ਨੇ ਸਿਆਪਣ ਦੀ ਮੰਗ ਕੀਤੀ ਸੀ। 11 ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ। 12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ।
ਪੇ
129 ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ।
ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।
130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ।
ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ।
ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।
131 ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ।
ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।
132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ।
ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।
133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ।
134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ।
ਅਤੇ ਮੈਂ ਤੁਹਾਡੇ ਆਦੇਸ਼ ਮੰਨਾਗਾ।
135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
136 ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ
ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।
26 ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ।
27 ਪਰਮੇਸ਼ੁਰ ਵੇਖ ਸੱਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸ ਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ।
28 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ। 29 ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਉਸ ਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ। 30 ਤਾਂ ਜਿਨ੍ਹਾਂ ਲੋਕਾਂ ਨੂੰ ਉਸ ਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸ ਨੇ ਧਰਮੀ ਬਣਾਇਆ, ਉਸ ਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ।
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ
31 ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ। 32 ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸ ਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ। 33 ਜਿਸ ਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸੱਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹੈ। 34 ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਆਂ ਕਰ ਸੱਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਜਿਵਾਲਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ। 35 ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ। 36 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ;
“ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ।
ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।” (A)
37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ। 38-39 ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।
ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ(A)
31 ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ। 32 ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ
44 “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
45 “ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ। 46 ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।
ਮੱਛੀ ਦੇ ਜਾਲ ਬਾਰੇ ਇੱਕ ਦ੍ਰਿਸ਼ਟਾਂਤ
47 “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ। 48 ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ। 49 ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ। 50 ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”
51 ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?”
ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।”
52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
2010 by World Bible Translation Center