Revised Common Lectionary (Complementary)
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ।
18 ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ,
ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ।
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
20 ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ।
ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।
21 ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ।
ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
22 ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ।
ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।
23 ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ,
ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।
24 ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ।
ਕਿਉ? ਕਿਉਂਕਿ ਮੈਂ ਬੇਕਸੂਰ ਹਾਂ।
ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ,
ਇਸ ਲਈ ਉਹ ਮੇਰਾ ਭਲਾ ਕਰੇਗਾ।
25 ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ।
ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।
26 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ।
ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।
27 ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ।
ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।
28 ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ।
ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
29 ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ।
ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।
30 ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ,
ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ।
ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।
31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ।
ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ।
ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
3 ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”
4 ਤਾਂ ਫ਼ਿਰ ਇਸਰਾਏਲੀਆਂ ਨੇ ਆਪਣੇ ਬਆਲੀਮ ਅਤੇ ਅਸ਼ਤਾਰੋਥ ਦੇ ਬੁੱਤਾਂ ਨੂੰ ਬਾਹਰ ਕੱਢ ਸੁੱਟਿਆ। ਅਤੇ ਕੇਵਲ ਯਹੋਵਾਹ ਦੀ ਸੇਵਾ ਕਰਨ ਲੱਗ ਪਏ।
5 ਸਮੂਏਲ ਨੇ ਕਿਹਾ, “ਮਿਸਫ਼ਾਹ ਵਿੱਚ ਤੁਸੀਂ ਸਾਰੇ ਇਸਰਾਏਲੀਆਂ ਨੂੰ ਇਕੱਠੇ ਕਰੋ ਤਾਂ ਤੁਹਾਡੇ ਲਈ ਯਹੋਵਾਹ ਅੱਗੇ ਮੈਂ ਬੇਨਤੀ ਕਰਾਂਗਾ।”
6 ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।” ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ।
7 ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਕਿ ਇਸਰਾਏਲੀ ਮਿਸਫ਼ਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸ਼ਾਸਕਾਂ ਨੇ ਇਸਰਾਏਲੀਆਂ ਉੱਪਰ ਹਮਲਾ ਕਰ ਦਿੱਤਾ। ਜਦੋਂ ਇਸਰਾਏਲੀਆਂ ਨੂੰ ਫ਼ਲਿਸਤੀਆਂ ਬਾਰੇ ਪਤਾ ਲੱਗਾ ਤਾਂ ਉਹ ਡਰ ਗਏ। 8 ਇਸਰਾਏਲੀਆਂ ਨੇ ਸਮੂਏਲ ਨੂੰ ਕਿਹਾ, “ਚੁੱਪ ਨਾ ਰਹੋ? ਸਾਡੇ ਯਹੋਵਾਹ ਪਰਮੇਸ਼ੁਰ ਅੱਗੇ ਬੇਨਤੀ ਕਰੀ ਜਾਵੋ? ਯਹੋਵਾਹ ਨੂੰ ਆਖੋ ਕਿ ਸਾਨੂੰ ਫ਼ਲਿਸਤੀਆਂ ਕੋਲੋਂ ਬਚਾਵੋ।”
9 ਸਮੂਏਲ ਨੇ ਇੱਕ ਛੋਟਾ ਲੇਲਾ ਲਿਆ ਅਤੇ ਇਸ ਨੂੰ ਹੋਮ ਦੀ ਭੇਟ ਵਜੋਂ ਯਹੋਵਾਹ ਦੇ ਅੱਗੇ ਚੜ੍ਹਾਇਆ। ਉਸ ਨੇ ਇਸਰਾਏਲ ਵਾਸਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਉਸ ਨੂੰ ਉੱਤਰ ਦਿੱਤਾ। 10 ਜਦੋਂ ਸਮੂਏਲ ਹੋਮ ਦੀ ਬਲੀ ਚੜ੍ਹਾ ਰਿਹਾ ਸੀ ਉਸ ਵਕਤ ਫ਼ਲਿਸਤੀ ਇਸਰਾਏਲ ਉੱਪਰ ਹਮਲਾ ਕਰਨ ਵਾਲੇ ਸਨ ਕਿ ਯਹੋਵਾਹ ਫ਼ਲਿਸਤੀਆਂ ਉੱਪਰ ਇੱਕ ਵੱਡੀ ਗਰਜਨ ਦੇ ਨਾਲ ਗਰਜਿਆ। ਫ਼ਲਿਸਤੀ ਇਸ ਨਾਲ ਘਬਰਾ ਗਏ। ਗਰਜਨ ਨੇ ਉਨ੍ਹਾਂ ਨੂੰ ਡਰਾ ਦਿੱਤਾ ਅਤੇ ਉਹ ਬੜੇ ਪਰੇਸ਼ਾਨ ਹੋ ਗਏ। ਉਨ੍ਹਾਂ ਦੇ ਆਗੂ ਆਪਣੇ ਵੱਸ ਵਿੱਚ ਨਾ ਰਹੇ, ਤਾਂ ਇਉਂ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਲੜਾਈ ਵਿੱਚ ਹਰਾ ਦਿੱਤਾ। 11 ਅਤੇ ਇਸਰਾਏਲੀਆਂ ਨੇ ਮਿਸਫ਼ਾਹ ਵਿੱਚੋਂ ਨਿਕਲਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ, ਅਤੇ ਬੈਤ-ਕਰ ਤੱਕ ਉਨ੍ਹਾਂ ਦੇ ਸਿਪਾਹੀਆਂ ਨੂੰ ਮਾਰਦੇ ਚੱਲੇ ਗਏ।
ਇਸਰਾਏਲ ਵਿੱਚ ਅਮਨ ਬਹਾਲ
12 ਇਸਤੋਂ ਬਾਦ, ਸਮੂਏਲ ਨੇ ਇੱਕ ਖਾਸ ਪੱਥਰ ਲੈ ਕੇ ਮਿਸਫ਼ਾਹ ਅਤੇ ਸ਼ੇਨ ਦੇ ਵਿੱਚਕਾਰ ਖੜ੍ਹਾ ਕੀਤਾ। ਇਸਦਾ ਨਾਮ ਉਸ ਨੇ ਅਬਨ-ਅਜ਼ਰ ਮਦਦ ਦਾ ਪੱਥਰ ਰੱਖਿਆ। ਇਹ ਸਭ ਉਸ ਨੇ ਇਸ ਲਈ ਕੀਤਾ ਤਾਂ ਜੋ ਲੋਕ ਪਰਮੇਸ਼ੁਰ ਦੀ ਕਰਨੀ ਨੂੰ ਯਾਦ ਰੱਖਣ। ਅਤੇ ਸਮੂਏਲ ਨੇ ਆਖਿਆ, “ਇੱਥੋਂ ਤੀਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ਹੈ।”
13 ਫ਼ਲਿਸਤੀਆਂ ਦੀ ਹਾਰ ਹੋਈ ਤਾਂ ਫ਼ਿਰ ਉਹ ਕਦੇ ਇਸਰਾਏਲ ਦੀ ਧਰਤੀ ਤੇ ਨਾ ਵੜੇ। ਸਮੂਏਲ ਦੇ ਜੀਵਨ ਕਾਲ ਤੱਕ ਯਹੋਵਾਹ ਫ਼ਲਿਸਤੀਆਂ ਦੇ ਵਿਰੁੱਧ ਹੀ ਰਿਹਾ।
ਤੁਸੀਂ ਯਹੂਦੀ ਵੀ ਪਾਪੀ ਹੋ
2 ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ। 2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ। 3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ। 4 ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
5 ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ। 6 ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ। 7 ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ। 8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ। 9 ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ। 10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ। 11 ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।
2010 by World Bible Translation Center