Revised Common Lectionary (Complementary)
15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ।
ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ।
ਲੋਕ ਮੈਨੂੰ ਦੁੱਖੀ ਕਰ ਰਹੇ ਨੇ।
ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ।
ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ।
ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ।
ਮੇਰੇ ਬਾਰੇ ਸੋਚੋ।
ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।
16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ।
ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ।
ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ,
ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ,
ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ।
ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ।
ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।
18 ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ।
ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ।
ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ।
ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ।
ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।
19 ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ,
ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ।
ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ,
ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ।
ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ,
ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ।
ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ।
ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।
20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ।
ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ।
ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ।
ਪਰ ਉਹ ਤੈਨੂੰ ਨਹੀਂ ਹਰਾਉਣਗੇ।
ਕਿਉਂ ਕਿ ਮੈਂ ਤੇਰੇ ਨਾਲ ਹਾਂ।
ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
21 “ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।
ਉਹ ਲੋਕ ਤੈਨੂੰ ਭੈਭੀਤ ਕਰਦੇ ਨੇ।
ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।”
ਦਾਊਦ ਦਾ ਇੱਕ ਗੀਤ।
26 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ।
ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ।
ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ।
ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ
ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ।
ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
9 ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ। 10 ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ। 11 ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ। 12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ। 13 ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ। 15 ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ। 16 ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
17 ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ। 18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ। 19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।” [a] 20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,
“ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
ਉਸ ਨੂੰ ਭੋਜਨ ਦੇ।
ਜੇਕਰ ਤੇਰਾ ਵੈਰੀ ਪਿਆਸਾ ਹੈ,
ਉਸ ਨੂੰ ਕੁਝ ਪੀਣ ਲਈ ਦੇ।
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।” (A)
21 ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ(A)
21 ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
22 ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”
24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ। 25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ। 26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ। 27 ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ। 28 ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
2010 by World Bible Translation Center