Revised Common Lectionary (Complementary)
ਨਿਰਦੇਸ਼ਕ ਲਈ। ਸੇਮਿਨਿਥ [a] ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ।
6 ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ।
ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
2 ਯਹੋਵਾਹ, ਮੇਰੇ ਉੱਤੇ ਦਯਾ ਕਰੋ,
ਮੈਂ ਬਿਮਾਰ ਤੇ ਕਮਜ਼ੋਰ ਹਾਂ।
ਮੈਨੂੰ ਤੰਦਰੁਸਤੀ ਬਖਸ਼ੋ!
ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ।
ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ!
ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।
5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ।
ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।
6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ
ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ।
ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ।
ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।
7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ।
ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ।
ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।
8 ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ।
ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।
9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ
ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।
10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ।
ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।
ਕੋੜ੍ਹੀਆਂ ਨੇ ਅਰਾਮੀਆਂ ਦਾ ਤੰਬੂ ਖਾਲੀ ਡਿੱਠਾ
3 ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ੍ਹ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, “ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ? 4 ਸਾਮਰਿਯਾ ਵਿੱਚ ਕਾਲ ਪਿਆ ਹੈ, ਇਸ ਨਾਲੋਂ ਤਾਂ ਚੰਗਾ ਹੋਵੇ ਜੇ ਅਸੀਂ ਸ਼ਹਿਰ ਵਿੱਚ ਜਾਕੇ ਮਰੀਏ, ਕਿਉਂ ਕਿ ਮਰਨਾ ਤਾਂ ਇੱਥੇ ਵੀ ਹੈ ਹੀ, ਸੋ ਇਸ ਤੋਂ ਚੰਗਾ ਹੈ ਕਿ ਚਲੋ ਅਰਾਮੀਆਂ ਦੇ ਤੰਬੂ ’ਚ ਚਲੀਏ। ਜੇਕਰ ਉਹ ਸਾਨੂੰ ਉੱਥੇ ਜਿਉਂਦਾ ਛੱਡਣ ਤਾਂ ਅਸੀਂ ਜਿਉਂਦੇ ਰਹਾਂਗੇ ਤੇ ਜੇਕਰ ਉਹ ਸਾਨੂੰ ਮਾਰ ਸੁੱਟਣ ਤਾਂ ਮਰਨਾ ਤਾਂ ਹੈ ਹੀ ਹੈ।”
5 ਤਾਂ ਉਸ ਸ਼ਾਮ ਉਹ ਚਾਰੇ ਕੋੜ੍ਹੀ ਅਰਾਮੀਆਂ ਦੇ ਡੇਰੇ ਜਾ ਪਹੁੰਚੇ। ਜਦੋਂ ਉਹ ਬਿਲਕੁਲ ਉਸ ਦੇ ਨੇੜੇ ਪਹੁੰਚੇ ਤਾਂ ਉੱਥੇ ਕੋਈ ਵੀ ਬੰਦਾ ਨਹੀਂ ਸੀ। 6 ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, “ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।”
7 ਤਾਂ ਉਹ ਤਕਾਲੀਂ ਉੱਠ ਕੇ ਹੀ ਉੱਥੋਂ ਭੱਜ ਗਏ। ਉਹ ਸਾਰਾ ਕੁਝ ਉਵੇਂ ਹੀ ਪਿੱਛੇ ਛੱਡ ਗਏ। ਉਹ ਆਪਣੇ ਤੰਬੂ, ਘੋੜੇ, ਖੋਤੇ ਸਭ ਕੁਝ ਪਿੱਛੇ ਹੀ ਛੱਡ ਕੇ ਆਪਣੀ ਜਾਨ ਬਚਾਅ ਕੇ ਉੱਥੋਂ ਨੱਸ ਗਏ।
ਦੁਸ਼ਮਣਾਂ ਦੇ ਡੇਰੇ ’ਚ ਕੋੜ੍ਹੀ
8 ਜਦੋਂ ਉਹ ਕੋੜ੍ਹੀ ਡੇਰੇ ਦੀ ਬਾਹਰਲੀ ਹੱਦ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇੱਕ ਤੰਬੂ ਵਿੱਚ ਵੜ ਕੇ ਖਾਧਾ-ਪੀਤਾ ਫ਼ਿਰ ਉਨ੍ਹਾਂ ਨੇ ਉੱਥੋਂ ਸੋਨਾ-ਚਾਂਦੀ ਅਤੇ ਕੱਪੜੇ ਆਦਿ ਚੁਰਾਏ ਅਤੇ ਉਨ੍ਹਾਂ ਨੂੰ ਲੁਕਾਅ ਲਿਆ। ਫ਼ਿਰ ਉਹ ਦੂਜੇ ਤੰਬੂ ਵਿੱਚ ਵੜੇ, ਉੱਥੋਂ ਵੀ ਉਨ੍ਹਾਂ ਨੇ ਵਸਤਾਂ ਚੁੱਕੀਆਂ ਤੇ ਫ਼ਿਰ ਉਨ੍ਹਾਂ ਨੂੰ ਵੀ ਬਾਹਰ ਜਾਕੇ ਲੁਕਾਅ ਆਏ। 9 ਤਦ ਇਨ੍ਹਾਂ ਕੋੜ੍ਹੀਆਂ ਨੇ ਇੱਕ-ਦੂਜੇ ਨੂੰ ਆਖਿਆ, “ਅਸੀਂ ਚੰਗਾ ਕੰਮ ਨਹੀਂ ਕਰ ਰਹੇ। ਅੱਜ ਦਾ ਦਿਨ ਤਾਂ ਖੁਸ਼ਖਬਰੀ ਦਾ ਹੈ ਪਰ ਅਸੀਂ ਚੁੱਪ ਬੈਠੇ ਹਾਂ। ਜੇਕਰ ਅਸੀਂ ਸਵੇਰ ਦੀ ਪੋਹ ਫ਼ੁੱਟਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਸੋ ਆਓ ਹੁਣ ਅਸੀਂ ਜਾਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਦੇਈਏ।”
ਕੋੜ੍ਹੀਆਂ ਦਾ ਖੁਸ਼ਖਬਰੀ ਸੁਨਾਉਣਾ
10 ਤਾਂ ਇਨ੍ਹਾਂ ਕੋੜ੍ਹੀਆਂ ਨੇ ਜਾਕੇ ਸ਼ਹਿਰ ਦੇ ਦਰਬਾਨ ਨੂੰ ਆਵਾਜ਼ ਦਿੱਤੀ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ ਕਿ, “ਅਸੀਂ ਅਰਾਮੀਆਂ ਦੇ ਡੇਰੇ ਵਿੱਚ ਗਏ ਅਤੇ ਉੱਥੇ ਨਾ ਆਦਮੀ ਸੀ ਨਾ ਆਦਮੀ ਦੀ ਆਵਾਜ਼ ਸਿਰਫ ਘੋੜੇ ਅਤੇ ਗਧੇ ਉੱਥੇ ਬੱਝੇ ਹੋਏ ਸਨ ਅਤੇ ਤੰਬੂ ਉਵੇਂ ਦੇ ਉਵੇਂ ਲੱਗੇ ਪਏ ਸਨ। ਪਰ ਆਦਮੀ ਸਾਰੇ ਗਇਬ ਸਨ।”
14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ। 15 ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁੱਧੀਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਨਾ ਕਰੋ। 16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ? 17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।
18 ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ? 19 ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ। 20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ। 21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ। 22 ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।
ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ
23 “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ। 24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
25 ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ। 26 ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।” [a]
27 ਜਿਹੜਾ ਵਿਅਕਤੀ ਵਿਸ਼ਵਾਸੀ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸੱਕਦਾ ਹੈ। ਇਹ ਸਿੱਧ ਕਰਨ ਲਈ ਕੋਈ ਸਵਾਲ ਨਾ ਉੱਠਾਓ ਕਿ ਇਸ ਨੂੰ ਖਾਣਾ ਚੰਗਾ ਹੈ ਜਾਂ ਨਹੀਂ। 28 ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ। 29 ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ। 30 ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ। 32 ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ। 33 ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।
11 ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ।
2010 by World Bible Translation Center