Revised Common Lectionary (Complementary)
ਨਿਰਦੇਸ਼ਕ ਲਈ: ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ।
61 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ।
ਮੇਰੀ ਪ੍ਰਾਰਥਨਾ ਸੁਣੋ।
2 ਮੈਂ ਕਿੱਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ
ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ।
ਮੈਨੂੰ ਬਹੁਤ ਉੱਚਾ ਸੁਰੱਖਿਅਤ ਥਾਂ ਉੱਤੇ ਲੈ ਜਾਵੋ।
3 ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।
4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ।
ਮੈਂ ਉੱਥੇ ਛੁਪ ਜਾਂਦਾ ਹਾਂ, ਜਿੱਥੇ ਤੁਸੀਂ ਮੇਰੀ ਰੱਖਿਆ ਕਰ ਸੱਕੋਂ।
5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ।
ਪਰ ਜੋ ਕੁਝ ਵੀ ਤੁਹਾਡੇ ਉਪਾਸੱਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।
6 ਰਾਜੇ ਨੂੰ ਲੰਮਾ ਜੀਵਨ ਦਿਉ।
ਉਸ ਨੂੰ ਸਦਾ ਲਈ ਜਿਉਣ ਦਿਉ।
7 ਉਸ ਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ।
ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।
8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ।
ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।
ਅਜ਼ਰਯਾਹ ਦਾ ਯਹੂਦਾਹ ਤੇ ਰਾਜ
15 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ। 2 ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤਦ ਉਹ 16ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ। 3 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚੱਲਿਆ। 4 ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
5 ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।
6 ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਗਿਆ। 7 ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।
5 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ। 6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7 ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’ 8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ। 9 ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ। 10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।
11 “ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ। 12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ। 13 ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ। 14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ [a] ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।
2010 by World Bible Translation Center