Revised Common Lectionary (Complementary)
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ।
81 ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ।
ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।
2 ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ।
ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।
3 ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ
ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ।
ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।
5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ,
ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।
6 ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ।
ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।
7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ।
ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ।
ਮੈਂ ਤੁਹਾਨੂੰ ਮਰੀਬਾਹ [a] ਦੇ ਪਾਣੀ ਦੁਆਰਾ ਪਰੱਖਿਆ।”
8 “ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ।
ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।
9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ
ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।
10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ।
ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
ਇਸਰਾਏਲ, ਆਪਣਾ ਮੂੰਹ ਖੋਲ੍ਹ
ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।
11 “ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ,
ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।
12 ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ,
ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।
13 ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ।
14 ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ
ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ।
15 ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ।
ਉਹ ਸਦਾ ਲਈ ਦੰਡੇ ਜਾਣਗੇ।
16 ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ।
ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”
ਏਲੀਯਾਹ ਅਤੇ ਸੋਕਾ
17 ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
2 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ, 3 “ਇੱਥੋਂ ਚੱਲੇ ਜਾ ਅਤੇ ਆਪਣਾ ਮੁਹਾਣਾ ਪੂਰਬ ਵੱਲ ਕਰ ਲੈ। ਆਪਣੇ ਆਪਨੂੰ ਕਰੀਥ ਦੇ ਨਾਲੇ ਕੋਲ ਜਿਹੜਾ ਕਿ ਯਰਦਨ ਦਰਿਆ ਦੇ ਪੂਰਬ ਵੱਲ ਹੈ ਲੁਕਾਅ ਲੈ। 4 ਤੂੰ ਉਸ ਨਦੀ ਵਿੱਚੋਂ ਪਾਣੀ ਪੀ ਸੱਕਦਾ ਹੈਂ। ਮੈਂ ਪਹਾੜੀ ਕਾਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਉੱਥੇ ਤੈਨੂੰ ਭੋਜਨ ਪੁੱਜਦਾ ਕਰਨ।” 5 ਸੋ ਏਲੀਯਾਹ ਨੇ ਉਹੀ ਕੁਝ ਕੀਤਾ ਜੋ ਕੁਝ ਯਹੋਵਾਹ ਨੇ ਉਸ ਨੂੰ ਕਰਨ ਨੂੰ ਕਿਹਾ। ਤਦ ਉਹ ਕਰੀਥ ਦੇ ਨਾਲੇ ਜੋ ਯਰਦਨ ਦਰਿਆ ਦੇ ਪੂਰਬ ਵੱਲ ਸੀ ਰਹਿਣ ਲੱਗਾ। 6 ਪਹਾੜੀ ਕਾਂ ਹਰ ਰੋਜ਼ ਸਵੇਰੇ, ਸ਼ਾਮ ਉਸ ਨੂੰ ਭੋਜਨ ਪੁੱਜਦਾ ਕਰਦੇ ਅਤੇ ਏਲੀਯਾਹ ਉਸ ਨਦੀ ਵਿੱਚੋਂ ਪਾਣੀ ਪੀ ਲੈਂਦਾ।
7 ਕੁਝ ਸਮੇਂ ਬਾਅਦ ਨਾਲਾ ਸੁੱਕ ਗਿਆ ਕਿਉਂ ਕਿ ਧਰਤੀ ਤੇ ਕੋਈ ਮੀਂਹ ਨਾ ਪਿਆ। 8 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ, 9 “ਉੱਠ ਅਤੇ ਸੀਦੋਨ ਦੇ ਸਾਰਫ਼ਥ ਨੂੰ ਚੱਲਾ ਜਾ ਅਤੇ ਉੱਥੇ ਜਾਕੇ ਟਿਕ ਜਾ। ਉੱਥੇ ਇੱਕ ਔਰਤ ਉਸ ਜਗ੍ਹਾ ਦੇ ਕਰੀਬ ਰਹਿੰਦੀ ਹੈ ਜਿਸਦਾ ਕਿ ਪਤੀ ਮਰ ਚੁੱਕਾ ਹੈ। ਮੈਂ ਉਸ ਨੂੰ ਹੁਕਮ ਕੀਤਾ ਹੈ ਤੇ ਉਹ ਤੈਨੂੰ ਭੋਜਨ ਦੇਵੇਗੀ।”
10 ਤਾਂ ਏਲੀਯਾਹ ਸਾਰਫ਼ ਨੂੰ ਚੱਲਾ ਗਿਆ। ਜਦੋਂ ਉਹ ਸ਼ਹਿਰ ਦੇ ਫ਼ਾਟਕ ਕੋਲ ਪੁਜਿਆ ਤਾਂ ਉਸ ਨੇ ਇੱਕ ਔਰਤ ਵੇਖੀ। ਉਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਜੰਗਲ ਚੋ ਅੱਗ ਬਾਲਣ ਲਈ ਲੱਕੜ ਇਕੱਠੀ ਕਰ ਰਹੀ ਸੀ ਤਾਂ ਏਲੀਯਾਹ ਨੇ ਉਸ ਨੂੰ ਕਿਹਾ, “ਕੀ ਤੂੰ ਮੈਨੂੰ ਪਿਆਲੇ ’ਚ ਕੁਝ ਪਾਣੀ ਦੇ ਸੱਕਦੀ ਹੈਂ, ਤਾਂ ਜੋ ਮੈਂ ਆਪਣੀ ਪਿਆਸ ਮਿਟਾ ਲਵਾਂ?” 11 ਜਦੋਂ ਔਰਤ ਉਸ ਲਈ ਪਾਣੀ ਲੈਣ ਗਈ ਤਾਂ ਏਲੀਯਾਹ ਨੇ ਕਿਹਾ, “ਕਿਰਪਾ ਕਰਕੇ ਮੇਰੇ ਲਈ ਇੱਕ ਰੋਟੀ ਦਾ ਟੁਕੜਾ ਵੀ ਲੈ ਆਵੀਂ!”
12 ਉਸ ਔਰਤ ਨੇ ਕਿਹਾ, “ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸੌਂਹ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸ ਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।”
13 ਏਲੀਯਾਹ ਨੇ ਉਸ ਔਰਤ ਨੂੰ ਆਖਿਆ, “ਫ਼ਿਕਰ ਨਾ ਕਰ! ਜਿਵੇਂ ਤੂੰ ਕਿਹਾ ਹੈ ਇੰਝ ਹੀ ਘਰ ਜਾਕੇ ਆਪਣਾ ਭੋਜਨ ਤਿਆਰ ਕਰ। ਪਰ ਪਹਿਲਾਂ ਤੂੰ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲਿਆ, ਉਸ ਤੋਂ ਬਾਅਦ ਹੀ ਆਪਣੇ ਅਤੇ ਆਪਣੇ ਪੁੱਤਰ ਵਾਸਤੇ ਪਕਾਵੀਂ। 14 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।’”
15 ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸ ਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ। 16 ਆਟੇ ਵਾਲਾ ਅਤੇ ਤੇਲ ਵਾਲ ਭਾਂਡਾ ਕਦੇ ਵੀ ਖਾਲੀ ਨਾ ਹੋਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਹੋਇਆ ਸੀ ਅਤੇ ਯਹੋਵਾਹ ਨੇ ਇਹ ਬਚਨ ਏਲੀਯਾਹ ਦੇ ਮੂੰਹੋਂ ਕਹੇ ਸਨ।
5 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। 2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। 4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ। 5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ। 7 ਇਸ ਲਈ ਉਨ੍ਹਾਂ ਨਾਲ ਇਹੋ ਜਿਹੀਆਂ ਗੱਲਾਂ ਨਾ ਕਰੋ। 8 ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ। 9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। 10 ਸਿੱਖਣ ਦੀ ਕੋਸ਼ਿਸ਼ ਕਰੋ ਕਿ ਪ੍ਰਭੂ ਨੂੰ ਕੀ ਪ੍ਰਸੰਨ ਕਰਦਾ ਹੈ। 11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ। 12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ। 13 ਪਰ ਜਦੋਂ ਅਸੀਂ ਦਰਸ਼ਾਉਂਦੇ ਹਾਂ ਕਿ ਇਹ ਗੱਲਾਂ ਗਲਤ ਹਨ, ਰੌਸ਼ਨੀ ਉਨ੍ਹਾਂ ਗੱਲਾਂ ਨੂੰ ਪ੍ਰਤੱਖ ਬਣਾ ਦਿੰਦੀ ਹੈ। 14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ:
“ਜਾਗੋ, ਤੁਸੀਂ ਸੁੱਤਿਓ ਬੰਦਿਓ!
ਮੌਤ ਤੋਂ ਜਿਉ,
ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
2010 by World Bible Translation Center