Revised Common Lectionary (Complementary)
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ।
36 ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ,
ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ।
ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ,
ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ।
ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
4 ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ।
ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ।
ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ।
ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ।
ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ।
ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ।
ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
8 ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ।
ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ।
ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ।
ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ।
ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ।
ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ:
“ਬਦਕਾਰ ਲੋਕ ਇੱਥੇ ਡਿੱਗੇ ਸਨ।
ਉਹ ਕੁਚਲੇ ਗਏ।
ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”
ਯੂਸੁਫ਼ ਦੱਸਦਾ ਹੈ ਕਿ ਉਹ ਕੌਣ ਹੈ
45 ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।” ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ। 2 ਯੂਸੁਫ਼ ਰੋਂਦਾ ਰਿਹਾ ਅਤੇ ਫ਼ਿਰਊਨ ਦੇ ਘਰ ਦੇ ਸਾਰੇ ਮਿਸਰੀ ਲੋਕਾਂ ਨੇ ਇਸ ਨੂੰ ਸੁਣਿਆ। 3 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।
4 ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇੱਕ ਵਾਰੀ ਫ਼ੇਰ ਆਖਿਆ, “ਆਓ ਮੇਰੇ ਕੋਲ ਆਓ। ਮੈਂ ਬੇਨਤੀ ਕਰਦਾ ਹਾਂ ਇੱਥੇ ਆਓ।” ਇਸ ਲਈ ਭਰਾ ਯੂਸੁਫ਼ ਦੇ ਨੇੜੇ ਹੋ ਗਏ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਮੈਂ ਹੀ ਹਾਂ ਜਿਸ ਨੂੰ ਤੁਸੀਂ ਗੁਲਾਮ ਵਜੋਂ ਮਿਸਰ ਨੂੰ ਵੇਚ ਦਿੱਤਾ ਸੀ। 5 ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ। 6 ਅਕਾਲ ਦਾ ਇਹ ਭਿਆਨਕ ਸਮਾਂ ਹੁਣ ਦੋ ਸਾਲ ਤੋਂ ਜਾਰੀ ਹੈ। ਅਤੇ ਪੰਜ ਵਰ੍ਹੇ ਹੋਰ ਫ਼ਸਲਾਂ ਦੀ ਬਿਜਾਈ ਜਾਂ ਵਾਢੀ ਤੋਂ ਬਿਨਾ ਰਹਿਣਗੇ। 7 ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ। 8 ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”
ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ
9 ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ। 10 ਤੁਸੀਂ ਮੇਰੇ ਨੇੜੇ ਗੋਸ਼ਨ ਦੀ ਧਰਤੀ ਉੱਤੇ ਰਹਿ ਸੱਕਦੇ ਹੋ। ਤੁਸੀਂ, ਤੁਹਾਡੇ ਬੱਚੇ, ਤੁਹਾਡੇ ਪੋਤਰੇ ਅਤੇ ਤੁਹਾਡੇ ਸਾਰੇ ਪਸ਼ੂ ਇੱਥੇ ਸਵਾਗਤ ਦੇ ਯੋਗ ਹਨ। 11 ਮੈਂ ਅਕਾਲ ਦੇ ਅਗਲੇ ਪੰਜ ਸਾਲ ਤੁਹਾਡੀ ਦੇਖ-ਭਾਲ ਕਰਾਂਗਾ। ਇਸ ਲਈ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ।’
12 “ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ, ਅਵੱਸ਼ ਹੀ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ। ਮੇਰਾ ਭਰਾ ਬਿਨਯਾਮੀਨ ਵੀ ਜਾਣਦਾ ਹੈ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ, ਤੁਹਾਡਾ ਭਰਾ, ਤੁਹਾਡੇ ਨਾਲ ਗੱਲ ਕਰ ਰਿਹਾ। 13 ਇਸ ਲਈ ਮੇਰੇ ਪਿਤਾ ਨੂੰ ਉਸ ਇੱਜ਼ਤ ਬਾਰੇ ਦੱਸੋ ਜਿਹੜੀ ਇੱਥੇ ਮੈਨੂੰ ਮਿਸਰ ਵਿੱਚ ਮਿਲੀ ਹੋਈ ਹੈ। ਉਸ ਨੂੰ ਉਹ ਸਾਰਾ ਕੁਝ ਦੱਸੋ ਜੋ ਤੁਸੀਂ ਇੱਥੇ ਦੇਖਿਆ ਹੈ। ਹੁਣ ਛੇਤੀ ਕਰੋ, ਮੇਰੇ ਪਿਤਾ ਨੂੰ ਮੇਰੇ ਕੋਲ ਵਾਪਸ ਲੈ ਕੇ ਆਉ।” 14 ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ। 15 ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।
9 “ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ। 10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ। 11 ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।
12 “ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ। 13 ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ। 14 ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ। 15 ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ। 16 ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
2010 by World Bible Translation Center