Revised Common Lectionary (Complementary)
15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ।
ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।
16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ।
ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
17 ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ।
ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ।
ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
19 ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ।
ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ।
ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ।
ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ।
ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ।
ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
ਤਿੰਨ ਪਰਿਵਾਰ-ਸਮੂਹਾਂ ਦੀ ਘਰ ਵਾਪਸੀ
22 ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਇੱਕਤ੍ਰ੍ਰਤਾ ਬੁਲਾਈ। 2 ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਯਹੋਵਾਹ ਦਾ ਸੇਵਕ ਸੀ, ਤੁਸੀਂ ਉਹ ਸਾਰੀਆਂ ਗੱਲਾਂ ਮੰਨੀਆਂ ਜਿਹੜੀਆਂ ਮੂਸਾ ਨੇ ਤੁਹਾਨੂੰ ਕਰਨ ਲਈ ਆਖੀਆਂ ਸਨ। ਅਤੇ ਤੁਸੀਂ ਮੇਰੇ ਸਾਰੇ ਆਦੇਸ਼ਾਂ ਦੀ ਵੀ ਪਾਲਣਾ ਕੀਤੀ। 3 ਅਤੇ ਇਸ ਸਾਰੇ ਸਮੇਂ ਦੌਰਾਨ ਤੁਸੀਂ ਇਸਰਾਏਲ ਦੇ ਹੋਰ ਸਾਰੇ ਲੋਕਾਂ ਦਾ ਸਮਰਥਨ ਕੀਤਾ ਹੈ। ਤੁਸੀਂ ਉਨ੍ਹਾਂ ਸਾਰੇ ਆਦੇਸ਼ਾਂ ਦੀ ਧਿਆਨ ਨਾਲ ਪਾਲਣਾ ਕੀਤੀ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ। 4 ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਸ਼ਾਂਤੀ ਦੇਣ ਦਾ ਇਕਰਾਰ ਕੀਤਾ। ਇਸ ਲਈ ਹੁਣ, ਯਹੋਵਾਹ ਨੇ ਆਪਣੇ ਇਕਰਾਰ ਨੂੰ ਨਿਭਾਇਆ ਹੈ। ਅਤੇ ਹੁਣ ਤੁਸੀਂ ਘਰ ਜਾ ਸੱਕਦੇ ਹੋ। ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦੇ ਦਿੱਤੀ ਹੈ। ਹੁਣ ਤੁਸੀਂ ਉਸ ਧਰਤੀ ਉੱਤੇ ਆਪਣੇ ਘਰ ਜਾ ਸੱਕਦੇ ਹੋ। 5 ਪਰ ਉਸ ਬਿਵਸਥਾ ਦਾ ਅਨੁਸਰਣ ਕਰਨਾ ਹਮੇਸ਼ਾ ਯਾਦ ਰੱਖਣਾ ਜਿਹੜੀ ਮੂਸਾ ਨੇ ਤੁਹਾਡੇ ਲਈ ਨਿਰਧਾਰਿਤ ਕੀਤੀ ਹੈ। ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਨੂੰ ਮੰਨਦੇ ਰਹਿਣਾ ਅਤੇ ਉਸਦਾ ਅਨੁਸਰਣ ਕਰਦੇ ਰਹਿਣਾ ਚਾਹੀਦਾ ਅਤੇ ਆਪਣੇ ਤਹੇ ਦਿਲੋਂ ਅਤੇ ਰੂਹ ਤੋਂ ਉਸਦੀ ਸੇਵਾ ਕਰਨੀ ਚਾਹੀਦੀ ਹੈ।”
6 ਫ਼ੇਰ ਯਹੋਸ਼ੁਆ ਨੇ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਉਹ ਚੱਲੇ ਗਏ ਉਹ ਘਰ ਚੱਲੇ ਗਏ। 7 ਮੂਸਾ ਨੇ ਬਾਸ਼ਾਨ ਦੀ ਧਰਤੀ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਯਹੋਸ਼ੁਆ ਨੇ ਯਰਦਨ ਨਦੀ ਦੇ ਪੱਛਮ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਦੂਸਰੇ ਅੱਧ ਨੂੰ ਦੇ ਦਿੱਤੀ। ਯਹੋਸ਼ੁਆ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ। 8 ਉਸ ਨੇ ਆਖਿਆ, “ਤੁਸੀਂ ਬਹੁਤ ਅਮੀਰ ਹੋ ਗਏ ਹੋ। ਤੁਹਾਡੇ ਕੋਲ ਬਹੁਤ ਸਾਰਾ ਪਸ਼ੂ, ਧਨ ਹੈ। ਤੁਹਾਡੇ ਕੋਲ ਸੋਨਾ ਅਤੇ ਚਾਂਦੀ ਅਤੇ ਕੀਮਤੀ ਗਹਿਣੇ ਹਨ। ਤੁਹਾਡੇ ਕੋਲ ਬਹੁਤ ਸਾਰੇ ਸੁੰਦਰ ਕੱਪੜੇ ਹਨ। ਤੁਸੀਂ ਆਪਣੇ ਦੁਸ਼ਮਣ ਪਾਸੋਂ ਬਹੁਤ ਚੀਜ਼ਾਂ ਹਾਸਿਲ ਕੀਤੀਆਂ ਹਨ। ਘਰ ਜਾਉ ਅਤੇ ਇਨ੍ਹਾਂ ਚੀਜ਼ਾਂ ਨੂੰ ਆਪਸ ਵਿੱਚ ਵੰਡ ਲਵੋ।”
9 ਇਸ ਲਈ ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਇਸਰਾਏਲ ਦੇ ਹੋਰਨਾ ਪਰਿਵਾਰ-ਸਮੁਹਾਂ ਨੂੰ ਛੱਡ ਗਏ। ਉਹ ਕਨਾਨ ਵਿੱਚ ਸ਼ੀਲੋਹ ਵਿਖੇ ਸਨ। ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਗਿਲਆਦ ਨੂੰ ਵਾਪਸ ਚੱਲੇ ਗਏ। ਉਹ ਆਪਣੀ ਧਰਤੀ ਉੱਤੇ ਆਪਣੇ ਘਰ ਚੱਲੇ ਗਏ-ਜਿਹੜੀ ਧਰਤੀ ਉਨ੍ਹਾਂ ਨੂੰ ਮੂਸਾ ਨੇ ਦਿੱਤੀ ਸੀ। ਯਹੋਵਾਹ ਨੇ ਮੂਸਾ ਨੂੰ ਇਹ ਧਰਤੀ ਉਨ੍ਹਾਂ ਨੂੰ ਦੇਣ ਦਾ ਆਦੇਸ਼ ਦਿੱਤਾ ਸੀ।
ਪ੍ਰਭੂ ਦੀ ਆਮਦ ਲਈ ਤਿਆਰ ਰਹੋ
5 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ। 2 ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ। 3 ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।
4 ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ। 5 ਤੁਸੀਂ ਸਾਰੇ ਜਿਹੜੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ। 6 ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ। 7 ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ। 8 ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
9 ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ। 10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ। 11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
2010 by World Bible Translation Center