Revised Common Lectionary (Complementary)
8 ਤਦ ਯਹੋਵਾਹ ਨੇ ਏਲੀਯਾਹ ਨੂੰ ਕਿਹਾ, 9 “ਉੱਠ ਅਤੇ ਸੀਦੋਨ ਦੇ ਸਾਰਫ਼ਥ ਨੂੰ ਚੱਲਾ ਜਾ ਅਤੇ ਉੱਥੇ ਜਾਕੇ ਟਿਕ ਜਾ। ਉੱਥੇ ਇੱਕ ਔਰਤ ਉਸ ਜਗ੍ਹਾ ਦੇ ਕਰੀਬ ਰਹਿੰਦੀ ਹੈ ਜਿਸਦਾ ਕਿ ਪਤੀ ਮਰ ਚੁੱਕਾ ਹੈ। ਮੈਂ ਉਸ ਨੂੰ ਹੁਕਮ ਕੀਤਾ ਹੈ ਤੇ ਉਹ ਤੈਨੂੰ ਭੋਜਨ ਦੇਵੇਗੀ।”
10 ਤਾਂ ਏਲੀਯਾਹ ਸਾਰਫ਼ ਨੂੰ ਚੱਲਾ ਗਿਆ। ਜਦੋਂ ਉਹ ਸ਼ਹਿਰ ਦੇ ਫ਼ਾਟਕ ਕੋਲ ਪੁਜਿਆ ਤਾਂ ਉਸ ਨੇ ਇੱਕ ਔਰਤ ਵੇਖੀ। ਉਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਜੰਗਲ ਚੋ ਅੱਗ ਬਾਲਣ ਲਈ ਲੱਕੜ ਇਕੱਠੀ ਕਰ ਰਹੀ ਸੀ ਤਾਂ ਏਲੀਯਾਹ ਨੇ ਉਸ ਨੂੰ ਕਿਹਾ, “ਕੀ ਤੂੰ ਮੈਨੂੰ ਪਿਆਲੇ ’ਚ ਕੁਝ ਪਾਣੀ ਦੇ ਸੱਕਦੀ ਹੈਂ, ਤਾਂ ਜੋ ਮੈਂ ਆਪਣੀ ਪਿਆਸ ਮਿਟਾ ਲਵਾਂ?” 11 ਜਦੋਂ ਔਰਤ ਉਸ ਲਈ ਪਾਣੀ ਲੈਣ ਗਈ ਤਾਂ ਏਲੀਯਾਹ ਨੇ ਕਿਹਾ, “ਕਿਰਪਾ ਕਰਕੇ ਮੇਰੇ ਲਈ ਇੱਕ ਰੋਟੀ ਦਾ ਟੁਕੜਾ ਵੀ ਲੈ ਆਵੀਂ!”
12 ਉਸ ਔਰਤ ਨੇ ਕਿਹਾ, “ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਸੌਂਹ ਖਾਕੇ ਕਹਿਂਦੀ ਹਾਂ ਕਿ ਮੇਰੇ ਕੋਲ ਤੈਨੂੰ, ਖਾਣ ਵਾਸਤੇ ਦੇਣ ਲਈ ਰੋਟੀ ਨਹੀਂ ਹੈ। ਸਿਰਫ਼ ਮਰਤਬਾਨ ਵਿੱਚ ਥੋੜਾ ਜਿਹਾ ਆਟਾ ਹੈ ਅਤੇ ਬੋਤਲ ਵਿੱਚ ਕੁਝ ਕਿ ਜੈਤੂਨ ਦਾ ਤੇਲ ਹੈ। ਮੈਂ ਇੱਥੇ ਅੱਗ ਬਾਲਣ ਲਈ ਲੱਕੜਾਂ ਇਕੱਠੀਆਂ ਕਰਨ ਲਈ ਆਈ ਸਾਂ। ਫ਼ੇਰ ਮੈਂ ਘਰ ਨੂੰ ਜਾਕੇ ਮੇਰੇ ਅਤੇ ਮੇਰੇ ਪੁੱਤਰ ਲਈ ਆਖੀਰੀ ਭੋਜਨ ਤਿਆਰ ਕਰਾਂਗੀ। ਅਸੀਂ ਇਸ ਨੂੰ ਖਾਵਾਂਗੇ ਅਤੇ ਫ਼ੇਰ ਭੁੱਖ ਕਾਰਣ ਮਰ ਜਾਵਾਂਗੇ।”
13 ਏਲੀਯਾਹ ਨੇ ਉਸ ਔਰਤ ਨੂੰ ਆਖਿਆ, “ਫ਼ਿਕਰ ਨਾ ਕਰ! ਜਿਵੇਂ ਤੂੰ ਕਿਹਾ ਹੈ ਇੰਝ ਹੀ ਘਰ ਜਾਕੇ ਆਪਣਾ ਭੋਜਨ ਤਿਆਰ ਕਰ। ਪਰ ਪਹਿਲਾਂ ਤੂੰ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲਿਆ, ਉਸ ਤੋਂ ਬਾਅਦ ਹੀ ਆਪਣੇ ਅਤੇ ਆਪਣੇ ਪੁੱਤਰ ਵਾਸਤੇ ਪਕਾਵੀਂ। 14 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਉਹ ਆਟੇ ਵਾਲਾ ਮਰਤਬਾਨ ਕਦੇ ਵੀ ਖਾਲੀ ਨਾ ਹੋਵੇਗਾ ਤੇ ਤੇਰੀ ਬੋਤਲ ਵਿੱਚ ਹਮੇਸ਼ਾ ਤੇਲ ਭਰਿਆ ਰਹੇਗਾ। ਇਹ ਤਦ ਤੱਕ ਸਿਲਸਿਲਾ ਚੱਲਦਾ ਰਹੇਗਾ, ਜਦ ਤੀਕ ਯਹੋਵਾਹ ਇਸ ਧਰਤੀ ਤੇ ਮੀਂਹ ਨਹੀਂ ਪਾਉਂਦਾ।’”
15 ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸ ਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ। 16 ਆਟੇ ਵਾਲਾ ਅਤੇ ਤੇਲ ਵਾਲ ਭਾਂਡਾ ਕਦੇ ਵੀ ਖਾਲੀ ਨਾ ਹੋਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਹੋਇਆ ਸੀ ਅਤੇ ਯਹੋਵਾਹ ਨੇ ਇਹ ਬਚਨ ਏਲੀਯਾਹ ਦੇ ਮੂੰਹੋਂ ਕਹੇ ਸਨ।
146 ਯਹੋਵਾਹ ਦੀ ਉਸਤਤਿ ਕਰੋ।
ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ।
ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ।
ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ।
ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ।
ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ
ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ
ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ।
ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ,
ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ।
ਯਹੋਵਾਹ ਦੀ ਉਸਤਤਿ ਕਰੋ।
24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ। 28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
ਯਿਸੂ ਨੇਮ ਦੇ ਉਪਦੇਸ਼ਕਾਂ ਦੀ ਅਲੋਚਨਾ ਕਰਦਾ(A)
38 ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ। 39 ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ। 40 ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
ਇੱਕ ਵਿਧਵਾ ਦੇਣ ਦਾ ਮਤਲਬ ਦੱਸਦੀ ਹੈ(B)
41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ। 42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।
43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ। 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”
2010 by World Bible Translation Center