Revised Common Lectionary (Complementary)
7 ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ।
ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ।
ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ।
ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ।
ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ।
ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ।
ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ।
ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ।
ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ।
ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ।
ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ।
ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ।
ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ।
ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
ਪੱਥਰ ਦੀਆਂ ਨਵੀਆਂ ਤਖਤੀਆਂ
34 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਪੱਥਰ ਦੀਆਂ ਉਨ੍ਹਾਂ ਪਹਿਲੀਆਂ ਤਖਤੀਆਂ ਵਰਗੀਆਂ ਦੋ ਹੋਰ ਤਖਤੀਆਂ ਬਣਾ ਦਿੱਤੀਆਂ ਜਿਹੜੀਆਂ ਟੁੱਟ ਗਈਆਂ ਸਨ। ਮੈਂ ਇਨ੍ਹਾਂ ਤਖਤੀਆਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਦੋਹਾਂ ਤਖਤੀਆਂ ਉੱਤੇ ਲਿਖੇ ਹੋਏ ਸਨ। 2 ਕਲ ਸਵੇਰੇ ਤਿਆਰ ਹੋ ਜਾਵੀਂ ਅਤੇ ਸੀਨਈ ਪਰਬਤ ਉੱਤੇ ਆ ਜਾਵੀਂ। ਉੱਥੇ ਪਰਬਤ ਦੀ ਚੋਟੀ ਉੱਤੇ ਮੇਰੇ ਸਨਮੁੱਖ ਖੜ੍ਹਾ ਹੋ ਜਾਵੀਂ। 3 ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤੁਹਾਡੇ ਜਾਨਵਰਾਂ ਦੇ ਵੱਗਾਂ ਜਾਂ ਭੇਡਾਂ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠ ਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।”
4 ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਦੋ ਪੱਥਰ ਦੀਆਂ ਤਖਤੀਆਂ ਹੋਰ ਬਣਾਈਆਂ। ਫ਼ੇਰ ਅਗਲੀ ਸਵੇਰ ਸੁਵਖਤੇ ਹੀ ਉਹ ਸੀਨਈ ਪਰਬਤ ਉੱਤੇ ਚੜ੍ਹ ਗਿਆ। ਮੂਸਾ ਨੇ ਹਰ ਗੱਲ ਉਵੇਂ ਹੀ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਮੂਸਾ ਆਪਣੇ ਨਾਲ ਪੱਥਰ ਦੀਆਂ ਦੋ ਤਖਤੀਆਂ ਲੈ ਗਿਆ। 5 ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ। 6 ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। 7 ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”
8 ਤਾਂ ਮੂਸਾ ਨੇ ਛੇਤੀ ਨਾਲ ਧਰਤੀ ਵੱਲ ਝੁਕ ਕੇ ਮੱਥਾ ਟੇਕਿਆ ਅਤੇ ਯਹੋਵਾਹ ਦੀ ਉਪਾਸਨਾ ਕੀਤੀ। ਮੂਸਾ ਨੇ ਆਖਿਆ, 9 “ਯਹੋਵਾਹ, ਜੇ ਤੁਸੀਂ ਮੇਰੇ ਉੱਤੇ ਪ੍ਰਸੰਨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪ੍ਰਵਾਨ ਕਰ ਲਵੋ।”
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ
27 ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
28 ਜਦੋਂ ਯਿਸੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸੱਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”
29 ਤਦ ਉਸ ਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸੱਕਦਾ ਹਾਂ ਤਾਂ ਇਵੇਂ ਹੀ ਹੋਵੇ।” 30 ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!” 31 ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਇਲਾਕੇ ਵਿੱਚ ਉਸਦਾ ਜੱਸ ਫ਼ੈਲਾਇਆ।
32 ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ, 33 ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
34 ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
2010 by World Bible Translation Center