Revised Common Lectionary (Semicontinuous)
ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ।
69 ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ।
ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
2 ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ।
ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ।
ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ।
ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ।
ਮੈਂ ਡੁੱਬਣ ਹੀ ਵਾਲਾ ਹਾਂ।
3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ।
ਮੇਰਾ ਗਲਾ ਦੁੱਖ ਰਿਹਾ ਹੈ।
ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ।
ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।
4 ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ,
ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ।
ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ।
ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ,
ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ।
ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।
5 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ।
ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ।
ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ
ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ।
ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ।
ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ।
ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।
35 ਯਹੋਵਾਹ ਸੀਯੋਨ ਨੂੰ ਬਚਾਵੇਗਾ।
ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ।
ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।
36 ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ।
ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।
ਇਕਰਾਰਨਾਮੇ ਦਾ ਸਬੂਤ ਸੁੰਨਤ
17 ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ [a] ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ। 2 ਜੇ ਤੂੰ ਅਜਿਹਾ ਕਰੇਂਗਾ, ਤਾਂ ਮੈਂ ਤੇਰੇ ਮੇਰੇ ਵਿੱਚਕਾਰ ਇੱਕ ਇਕਰਾਰਨਾਮਾ ਤਿਆਰ ਕਰਾਂਗਾ। ਮੈਂ ਤੇਰੇ ਲੋਕਾਂ ਨੂੰ ਮਹਾਨ ਕੌਮ ਬਨਾਉਣ ਦਾ ਇਕਰਾਰ ਦਿਆਂਗਾ।”
3 ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, 4 “ਮੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ: ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾ ਦਿਆਂਗਾ। 5 ਮੈਂ ਤੇਰਾ ਨਾਮ ਬਦਲ ਦਿਆਂਗਾ। ਤੇਰਾ ਨਾਮ ਅਬਰਾਮ ਨਹੀਂ ਹੋਵੇਗਾ-ਤੇਰਾ ਨਾਮ ਅਬਰਾਹਾਮ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦੇਵਾਂਗਾ ਕਿਉਂਕਿ ਮੈਂ ਤੈਨੂੰ ਅਨੇਕਾਂ ਕੌਮਾਂ ਦਾ ਪਿਤਾ ਬਣਾ ਰਿਹਾ ਹਾਂ। 6 ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ। 7 ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ। 8 ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
9 ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਹੁਣ ਤੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ। ਤੂੰ ਅਤੇ ਤੇਰੇ ਉੱਤਰਾਧਿਕਾਰੀ ਮੇਰੇ ਇਕਰਾਰਨਾਮੇ ਨੂੰ ਮੰਨਣਗੇ। 10 ਇਕਰਾਰਨਾਮਾ ਇਹ ਹੈ ਜਿਹੜਾ ਤੁਸੀਂ ਮੰਨੋਂਗੇ। ਇਹ ਇਕਰਾਰਨਾਮਾ ਤੁਹਾਡੇ ਤੇ ਮੇਰੇ ਵਿੱਚਕਾਰ ਹੈ। ਇਹ ਤੁਹਾਡੇ ਸਾਰੇ ਉੱਤਰਾਧਿਕਾਰੀਆਂ ਲਈ ਹੈ: ਜਿਹੜਾ ਵੀ ਮੁੰਡਾ ਜੰਮੇ ਉਸਦੀ ਸੁੰਨਤ ਕਰਨੀ ਜ਼ਰੂਰੀ ਹੈ। 11 ਤੁਸੀਂ ਇਹ ਦਰਸ਼ਾਉਣ ਲਈ ਮਾਸ ਨੂੰ ਕੱਟੋਂਗੇ ਕਿ ਤੁਸੀਂ ਮੇਰੇ ਤੇ ਤੁਹਾਡੇ ਦਰਮਿਆਨ ਹੋਏ ਇਕਰਾਰਨਾਮੇ ਉੱਤੇ ਚੱਲਦੇ ਹੋਂ। 12 ਜਦੋਂ ਪੁੱਤਰ ਅੱਠਾਂ ਦਿਨਾਂ ਦਾ ਹੋਵੇ, ਤੁਸੀਂ ਉਸਦੀ ਸੁੰਨਤ ਕਰ ਦੇਣੀ। ਕੋਈ ਵੀ ਮੁੰਡਾ ਜੋ ਤੁਹਾਡੇ ਘਰੇ ਜਨਮਿਆ ਜਾਂ ਭਾਵੇਂ ਕਿਸੇ ਵੀ ਵਿਦੇਸ਼ੀ ਗੁਲਾਮ ਦੇ ਘਰੇ ਜਿਸ ਨੂੰ ਤੁਸੀਂ ਖਰੀਦਿਆ ਹੋਵੇ ਜੋ ਤੁਹਾਡੇ ਨਾਲ ਸੰਬੰਧਿਤ ਨਹੀਂ ਹਨ, ਉਸਦੀ ਸੁੰਨਤ ਹੋਣੀ ਚਾਹੀਦੀ ਹੈ। 13 ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਦਰਮਿਆਨ ਹਰ ਮੁੰਡੇ ਦੀ ਸੁੰਨਤ ਹੋਵੇਗੀ। ਜੋ ਵੀ ਮੁੰਡਾ ਤੁਹਾਡੇ ਪਰਿਵਾਰ ਵਿੱਚ ਜੰਮੇ ਜਾਂ ਗੁਲਾਮ ਵਜੋਂ ਖਰੀਦਿਆ ਜਾਵੇ, ਉਸਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਤਰ੍ਹਾਂ, ਮੇਰਾ ਇਕਰਾਰਨਾਮਾ ਸਦੀਵੀ ਇਕਰਾਰਨਾਮੇ ਵਜੋਂ ਤੁਹਾਡੇ ਸਰੀਰਾਂ ਉੱਤੇ ਨਿਸ਼ਾਨਿਆਂ ਜਾਵੇਗਾ।
ਅਬਰਾਹਾਮ ਦਾ ਉਦਾਹਰਣ
4 ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ? 2 ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ। 3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।” [a]
4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ। 5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ। 6 ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
7 “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ
ਗਈਆਂ ਹਨ ਅਤੇ ਜਿਨ੍ਹਾਂ ਦੇ
ਪਾਪ ਭੁਲਾਏ ਗਏ ਹਨ।
8 ਧੰਨ ਹੈ ਉਹ ਮਨੁੱਖ ਜਿਸਦੇ
ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।” (A)
9 ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ। 10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ। 11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ। 12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
2010 by World Bible Translation Center