Revised Common Lectionary (Semicontinuous)
ਪਰਮੇਸ਼ੁਰ ਦਾ ਅਬਰਾਮ ਨੂੰ ਸੱਦਾ
12 ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ ਦੇ। ਆਪਣੇ ਪਿਤਾ ਦਾ ਟੱਬਰ ਛੱਡ ਦੇ, ਅਤੇ ਉਸ ਧਰਤੀ ਤੇ ਜਾਹ ਜਿਹੜੀ ਮੈਂ ਤੈਨੂੰ ਦਿਖਾਵਾਂਗਾ।
2 ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ।
ਮੈਂ ਤੈਨੂੰ ਅਸੀਸ ਦੇਵਾਂਗਾ
ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ।
ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ
ਦੇਣ ਲਈ ਵਰਤਣਗੇ।
3 ਮੈਂ ਉਨ੍ਹਾਂ ਲੋਕਾਂ ਨੂੰ ਅਸੀਸ ਦੇਵਾਂਗਾ ਜਿਹੜੇ ਤੈਨੂੰ ਅਸੀਸ ਦੇਣਗੇ,
ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਰਾਪ ਦੇਵਾਂਗਾ ਜਿਹੜੇ ਤੈਨੂੰ ਸਰਾਪ ਦੇਣਗੇ।
ਮੈਂ ਧਰਤੀ ਦੇ ਸਮੂਹ ਲੋਕਾਂ ਨੂੰ ਅਸੀਸ ਦੇਣ
ਲਈ ਤੇਰੇ ਨਾਮ ਦੀ ਵਰਤੋਂ ਕਰਾਂਗਾ।”
ਅਬਰਾਮ ਕਨਾਨ ਜਾਂਦਾ ਹੈ
4 ਇਸ ਲਈ ਅਬਰਾਮ ਨੇ ਹਾਰਾਨ ਛੱਡ ਦਿੱਤਾ ਜਿਵੇਂ ਕਿ ਯਹੋਵਾਹ ਨੇ ਆਖਿਆ ਸੀ। ਅਤੇ ਲੂਤ ਉਸ ਦੇ ਨਾਲ ਚੱਲਾ ਗਿਆ। ਅਬਰਾਮ 75 ਵਰ੍ਹਿਆਂ ਦਾ ਸੀ, ਜਦੋਂ ਉਸ ਨੇ ਹਾਰਾਨ ਛੱਡਿਆ।
ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ।
121 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ,
ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।
2 ਮੇਰੇ ਲਈ ਮਦਦ ਯਹੋਵਾਹ ਵਲੋਂ
ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ।
ਤੁਹਾਡਾ ਰੱਖਿਅਕ ਸੌਵੇਗਾ ਨਹੀਂ।
4 ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ
ਪਰਮੇਸ਼ੁਰ ਕਦੇ ਸੌਦਾ ਨਹੀਂ।
5 ਯਹੋਵਾਹ ਤੁਹਾਡਾ ਰੱਖਿਅਕ ਹੈ।
ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ।
ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ।
ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ।
ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
ਅਬਰਾਹਾਮ ਦਾ ਉਦਾਹਰਣ
4 ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ? 2 ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ। 3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।” [a]
4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ। 5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ।
ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ
13 ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ। 14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ। 15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?
16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ। 17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” [a] ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
ਯਿਸੂ ਅਤੇ ਨਿਕੋਦੇਮੁਸ
3 ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। 2 ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”
3 ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”
4 ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”
5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ। 6 ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ। 7 ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’ 8 ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
9 ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”
10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।
14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ। 15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”
16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ(A)
17 ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ। 2 ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ। 3 ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
5 ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
6 ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ। 7 ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉੱਠੋ ਅਤੇ ਡਰੋ ਨਾ।” 8 ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
9 ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
2010 by World Bible Translation Center