Readings for Celebrating Advent
ਯਿਸੂ ਦਾ ਸੰਸਾਰ ਵਿੱਚ ਆਉਣਾ
1 ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ [a] ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। 2 ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ। 3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ। 4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ। 5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।
6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ। 8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ। 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।
10 ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ। 11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ। 13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।
14 ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15 ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
16 ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ। 17 ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ। 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
2010 by World Bible Translation Center